ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਤੇ ਹੋਰ ਸਿੱਖ ਜਥੇਬੰਦੀਆਂ ਨੇ ਦਿੱਤਾ ਸੰਕੇਤਕ ਰੋਸ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਮਸਲੇ 'ਤੇ ਸਮੁੱਚਾ ਖ਼ਾਲਸਾ ਪੰਥ ਖ਼ਾਮੋਸ਼ ਨਹੀ ਬੈਠ ਸਕਦਾ।

SAD (Democratic)

ਅੰਮ੍ਰਿਤਸਰ- ਬੀਤੀ 24 ਅਕਤੂਬਰ ਨੂੰ ਦਰਬਾਰ ਸਾਹਿਬ ਵਿਖੇ ਟਾਸਕ ਫੋਰਸ ਵੱਲੋਂ ਕੀਤੇ ਗਏ ਹਿੰਸਕ ਹਮਲੇ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਦੋ ਘੰਟਿਆਂ ਲਈ ਸੰਕੇਤਕ ਰੋਸ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਧਾਰਮਿਕ ਵਿੰਗ ਦੇ ਬੁਲਾਰੇ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਇਸ ਮਸਲੇ 'ਤੇ ਸਮੁੱਚਾ ਖ਼ਾਲਸਾ ਪੰਥ ਖ਼ਾਮੋਸ਼ ਨਹੀ ਬੈਠ ਸਕਦਾ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਦੋਸ਼ੀ ਅਧਿਕਾਰੀਆਂ ਵਿਰੁੱਧ ਮੁਕੱਦਮੇ ਦਰਜ ਕਰਾਉਣ ਲਈ ਮਾਰਿਆ ਗਿਆ ਇਹ ਰੋਸ ਧਰਨਾ ਬਿਲਕੁਲ ਸ਼ਾਂਤਮਈ ਹੋਵੇਗਾ। ਦੱਸ ਦੇਈਏ ਕਿ ਬੀਤੇ ਦਿਨੀਂ ਸਤਿਕਾਰ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 328 ਪਾਵਨ ਸਰੂਪਾਂ ਦੇ ਸਬੰਧ 'ਚ ਕਾਰਵਾਈ ਦੀ ਮੰਗ ਨੂੰ ਲੈ ਕੇ  ਸ਼ਾਂਤਮਈ ਰੋਸ ਧਰਨਾ ਦਿੱਤਾ ਗਿਆ ਸੀ। 

ਇਸ ਧਰਨੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਤਿਕਾਰ ਕਮੇਟੀ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਅਤੇ ਸਿੰਘਾਂ ਉੱਪਰ ਇਕ ਪਾਸੜ ਅੰਨ੍ਹੇਵਾਹ ਡਾਂਗਾਂ ਅਤੇ ਤਲਵਾਰਾਂ ਨਾਲ ਹਿੰਸਕ ਹਮਲਾ ਕੀਤਾ ਗਿਆ। ਇਸ ਹਮਲੇ ਵਿਰੁੱਧ ਰੋਸ ਪ੍ਰਗਟ ਕਰਨ ਲਈ ਅੱਜ ਦੋ ਘੰਟਿਆਂ ਲਈ ਸੰਕੇਤਕ ਰੋਸ ਧਰਨਾ ਦਿੱਤਾ ਗਿਆ ਹੈ। 

ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਸਨ ਸ਼ਾਮਿਲ 
ਇਸ ਮੌਕੇ ਭਾਈ ਮੋਹਕਮ ਸਿੰਘ, ਡਾ. ਮਨਜੀਤ ਸਿੰਘ ਭੋਮਾ, ਵੱਸਣ ਸਿੰਘ ਜ਼ਫਰਵਾਲ, ਸਤਨਾਮ ਸਿੰਘ ਮਨਾਵਾਂ, ਭਾਈ ਹਵਾਰਾ ਕਮੇਟੀ ਵਲੋਂ ਪ੍ਰੋਫੈਸਰ ਬਲਜਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਮਾਨ ਵਲੋਂ ਹਰਬੀਰ ਸਿੰਘ ਸੰਧੂ ਅਤੇ ਬਲਵਿੰਦਰ ਸਿੰਘ ਕਾਲਾ ਸਮੇਤ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਹਨ।