Punjab News: ਅੱਜ ਤੋਂ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਏਜੰਸੀ

ਖ਼ਬਰਾਂ, ਪੰਜਾਬ

28 ਅਕਤੂਬਰ ਤੋਂ 3 ਨਵੰਬਰ ਤੱਕ ਸਰਕਾਰੀ ਕਰਮਚਾਰੀਆਂ ਤੇ ਨਾਗਰਿਕਾ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਕੀਤਾ ਜਾਵੇਗਾ ਜਾਗਰੂਕ

Vigilance Awareness Week will be celebrated from today

 

ਚੰਡੀਗੜ੍ਹ, 27 ਅਕਤੂਬਰ (ਸੱਤੀ) : ਸਮਾਜ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੂਬੇ ਭਰ ਵਿਚ 28 ਅਕਤੂਬਰ ਤੋਂ 3 ਨਵੰਬਰ ਤਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ, ਜਿਸ ਦੌਰਾਨ ਨਾਗਰਿਕਾਂ ਤੇ ਸਰਕਾਰੀ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਜਾਰੀ ਰਹੇਗੀ ਅਤੇ ਭ੍ਰਿਸ਼ਟਾਚਾਰ ਦੀ ਕਿਸੇ ਵੀ ਕਾਰਵਾਈ ਵਿਰੁਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਰਾਜ ਅਤੇ ਇਸ ਦੇ ਨਾਗਰਿਕਾਂ ਦੀ ਅਖੰਡਤਾ ਅਤੇ ਮਾਣ ਵਿਰੁਧ ਕੀਤੇ ਗਏ ਘਿਨਾਉਣੇ ਅਪਰਾਧ ਵਰਗਾ ਹੈ, ਫਿਰ ਭਾਵੇਂ ਇਹ ਸੇਵਾ ਪ੍ਰਦਾਨ ਕਰਨ ਵਾਲੇ ਜਾਂ ਸੇਵਾ ਲੈਣ ਵਾਲੇ ਵਿਅਕਤੀ ਵਲੋਂ ਕੀਤਾ ਗਿਆ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਸੁਪਨਾ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣਾ ਤੇ ਨਿਜੀ ਤੇ ਜਨਤਕ ਖੇਤਰ ਦੇ ਸਰਬਪੱਖੀ ਵਿਕਾਸ ਜ਼ਰੀਏ ਲੋਕਾਂ ਖਾਸ ਕਰ ਕੇ ਪੰਜਾਬ ਦੇ ਨੌਜਵਾਨਾਂ ਦੇ ਚਿਹਰਿਆਂ ’ਤੇ ਮੁਸਕਰਾਹਟ ਲਿਆਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਲਈ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ।