ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ’ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਕੀਤਾ ਜਾਵੇਗਾ ਪੂਰਾ

Finance Minister Harpal Singh Cheema assures Veterinary Students Union of prompt action on their demands

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ ਗਿਆ।

ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ, ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਵਿੱਤ, ਸ਼ੌਕਤ ਅਹਿਮਦ ਪਰੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਈਸਿੰਜ ਯੂਨੀਵਰਸਿਟੀ ਦੇ ਉਪ ਕੁਲਪਤੀ, ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸ਼ਿਰਕਤ ਕਰਦਿਆਂ ਵੈਟਰਨਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ।
ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਡਾ. ਅਵਨੀਤ ਜੱਸਲ, ਉਪ ਪ੍ਰਧਾਨ ਡਾ. ਕਮਲਪ੍ਰੀਤ ਸਿੰਘ, ਅਤੇ ਕੋਰ ਕਮੇਟੀ ਮੈਂਬਰਾਂ ਡਾ. ਸੁਨੀਲ ਮੋਮੀ ਤੇ ਡਾ. ਮੁਸਕਾਨ ਠਾਕੁਰ ਨੇ ਵਿੱਤ ਮੰਤਰੀ ਅੱਗੇ ਆਪਣਾ ਪੱਖ ਪੇਸ਼ ਕੀਤਾ। ਯੂਨੀਅਨ ਵੱਲੋਂ ਪੇਸ਼ ਮੰਗਾਂ ਬਾਰੇ ਵਿਚਾਰ ਚਰਚਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਦੇ ਅੰਦਰ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਵਿੱਤ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਪਹਿਲਾਂ ਹੀ ਕਾਰਵਾਈ ਚੱਲ ਰਹੀ ਹੈ ਅਤੇ ਜਲਦੀ ਹੀ ਉਹ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਭਲੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ।
ਇਹ ਮੀਟਿੰਗ ਸਕਾਰਾਤਮਕ ਮਾਹੌਲ ਵਿੱਚ ਸਮਾਪਤ ਹੋਈ, ਜਿਸ ਦੌਰਾਨ ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀਆਂ ਚਿੰਤਾਵਾਂ ਸੁਣਨ ਅਤੇ ਜਲਦੀ ਕਾਰਵਾਈ ਕਰਨ ਦੀ ਇੱਛਾ ਲਈ ਧੰਨਵਾਦ ਪ੍ਰਗਟ ਕੀਤਾ।