ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ: ਡਾ. ਬਲਜੀਤ ਕੌਰ

Dr. Ambedkar Scholarship Portal Reopened for 2025-26 till December 29: Dr. Baljit Kaur

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।

ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡਾ. ਬੀ.ਆਰ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਅਕਾਦਮਿਕ ਸਾਲ 2025-26 ਲਈ ਮਿਤੀ 29-12-2025 ਤੱਕ ਖੋਲ੍ਹਿਆ ਗਿਆ ਹੈ। ਯੋਗ ਵਿਦਿਆਰਥੀ ਜਲਦੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 2025-26 ਵਿੱਚ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਹੁਣ ਤੱਕ 2,49,620 ਵਿਦਿਆਰਥੀਆਂ ਵੱਲੋਂ ਪੋਰਟਲ ਤੇ ਅਪਲਾਈ ਕੀਤਾ ਗਿਆ ਹੈ ਜਿਸ ਵਿੱਚੋਂ 1,26,722 ਵਿਦਿਆਰਥੀਆਂ ਦੇ ਕੇਸ ਵੈਰੀਫਾਈ ਕੀਤੇ ਜਾ ਚੁੱਕੇ ਹਨ।  ਸਾਲ 2025-26 ਦੌਰਾਨ ਲਗਭੱਗ 19,871 ਵਿਦਿਆਰਥੀਆਂ ਨੂੰ ਰਾਜ ਸਰਕਾਰ ਦੇ ਹਿੱਸੇ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਜਲਦ ਹੀ ਅਦਾਇਗੀ ਕੀਤੀ ਜਾਵੇਗੀ। ਇਸ ਯੋਜਨਾ ਤਹਿਤ, ਨਵੇਂ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ ਜਾਰੀ ਕੀਤੇ ਜਾਂਦੇ ਹਨ, ਜਿਸ ਨਾਲ ਉਹ ਨਿਰਧਾਰਤ ਨਿਯਮਾਂ ਅਨੁਸਾਰ ਟਿਊਸ਼ਨ ਫੀਸਾਂ ਤੋਂ ਛੋਟ ਦੇ ਨਾਲ ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖਲਾ ਪ੍ਰਾਪਤ ਕਰ ਸਕਦੇ ਹਨ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਿਦਿਅਕ, ਆਰਥਿਕ ਅਤੇ ਸਮਾਜਿਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੇ ਜ਼ਿਲ੍ਹਾ ਅਧਿਕਾਰੀਆਂ, ਵਿਦਿਅਕ ਸੰਸਥਾਵਾਂ ਅਤੇ ਨੋਡਲ ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਯੋਜਨਾ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚੇ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਸਕਾਲਰਸ਼ਿਪ ਲਾਭਾਂ ਤੋਂ ਵਾਂਝਾ ਨਾ ਰਹੇ।