ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਰੇਲਵੇ ਟਰੈਕ ਖਾਲੀ ਕਰਨ ਲਈ ਮੰਨੇ ਕਿਸਾਨ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਚ ਰੇਲਵੇ ਟਰੈਕ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਆਪਣੀਆਂ ਅਹਿਮ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ।

Farmers agree to vacate railway tracks after meeting with Punjab Govt

ਚੰਡੀਗੜ੍ਹ: ਪੰਜਾਬ ਵਿਚ ਰੇਲਵੇ ਟਰੈਕ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਆਪਣੀਆਂ ਅਹਿਮ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣਾ ਰੇਲ ਰੋਕੋ ਅੰਦੋਲਨ ਇੱਕ ਹਫ਼ਤੇ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਮੰਗਾਂ ਸਬੰਧੀ ਭਰੋਸਾ ਦਿੱਤਾ ਹੈ ਅਤੇ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣਾ ਪ੍ਰੋਗਰਾਮ ਇੱਕ ਹਫਤੇ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਅੱਜ ਪੰਜਾਬ ਦੇ ਸਾਰੇ ਰੇਲਵੇ ਟਰੈਕ ਖਾਲੀ ਰਹਿਣਗੇ। ਕਿਸਾਨ ਜਥੇਬੰਦੀਆਂ ਦੀ ਅਗਲੀ ਮੀਟਿੰਗ 4 ਜਨਵਰੀ ਨੂੰ ਹੋਵੇਗੀ।

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਬਾਸਮਤੀ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ 5 ਏਕੜ ਤੱਕ ਜ਼ਮੀਨ ਵਾਲੇ ਲੋਕਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਬਾਕੀ ਮੰਗਾਂ ਵੀ ਮੰਨ ਲਈਆਂ ਗਈਆਂ ਹਨ। ਸ਼ਹੀਦ ਪਰਿਵਾਰਾਂ ਨੂੰ 170 ਨੌਕਰੀਆਂ ਦਿੱਤੀਆਂ ਗਈਆਂ ਹਨ। ਬਾਕੀ ਇੱਕ ਹਫ਼ਤੇ ਤੱਕ ਦਿੱਤੀਆਂ ਜਾਣਗੀਆਂ। ਦਿੱਲੀ ਵਿੱਚ ਦਰਜ ਕੇਸਾਂ ਬਾਰੇ ਮੁੱਖ ਮੰਤਰੀ, ਗ੍ਰਹਿ ਮੰਤਰੀ ਗੱਲ ਕਰਨਗੇ।

ਕਿਸਾਨ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਕੇਰਲ ਦੀ ਤਰਜ਼ ’ਤੇ ਘੱਟੋ ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਉਣ ਲਈ ਕਿਹਾ ਗਿਆ ਹੈ। ਇਸ ਵਿਚ ਸਰਕਾਰ ਉੱਤੇ ਕੋਈ ਜ਼ਿਆਦਾ ਬੋਝ ਨਹੀਂ ਪਵੇਗਾ। ਸਰਕਾਰ ਨੇ ਭਰੋਸਾ ਦਿੱਤਾ ਕਿ ਕਮਿਸ਼ਨ ਬਣਾ ਕੇ ਇਸ ਉੱਤੇ ਚਰਚਾ ਕੀਤੀ ਜਾਵੇਗੀ।