Bathinda Bus Accident: ਬਠਿੰਡਾ ਬੱਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੀ ਹੋਈ ਪਹਿਚਾਣ, ਹੁਣ ਤੱਕ 8 ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bathinda Bus Accident: PMO ਵਲੋਂ ਮ੍ਰਿਤਕਾਂ ਨੂੰ 2 ਲੱਖ, ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ

Bathinda Bus Accident Update news

Bathinda Bus Accident Update news: ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ। ਜਿਸ 'ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਲ ਹੈ।

ਇੱਕ ਅਪਾਹਜ ਵਿਅਕਤੀ ਦੀ ਵੀ ਮੌਤ ਹੋ ਗਈ ਜੋ ਕਿ ਹਰਿਆਣਾ ਦਾ ਰਹਿਣ ਵਾਲਾ ਸੀ। ਮ੍ਰਿਤਕ ਡਰਾਈਵਰ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਪਿੰਡ ਜੀਵਨ ਸਿੰਘ ਵਾਲਾ ਨੇੜੇ ਵਾਪਰਿਆ। ਬੱਸ ਸਰਦੂਲਗੜ੍ਹ ਤੋਂ ਬਠਿੰਡਾ ਵੱਲ ਜਾ ਰਹੀ ਸੀ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ NDRF ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ 'ਚੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਪੁਲੀਸ ਅਨੁਸਾਰ ਨਿਊ ​​ਗੁਰੂ ਕਾਸ਼ੀ ਟਰਾਂਸਪੋਰਟ ਦੀ ਬੱਸ ਸਵਾਰੀਆਂ ਲੈ ਕੇ ਬਠਿੰਡਾ ਵੱਲ ਜਾ ਰਹੀ ਸੀ। ਪਿੰਡ ਜੀਵਨ ਸਿੰਘ ਵਾਲਾ ਨੇੜੇ ਬੱਸ ਅਚਾਨਕ ਬੇਕਾਬੂ ਹੋ ਕੇ ਨਾਲੇ ਵਿੱਚ ਪਲਟ ਗਈ। ਇਸ ਤੋਂ ਬਾਅਦ ਬੱਸ ਵਿੱਚ ਸਵਾਰ ਲੋਕਾਂ ਵਿੱਚ ਰੌਲਾ ਪੈ ਗਿਆ। ਸੂਚਨਾ ਮਿਲਦੇ ਹੀ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ।