ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੱਖ ਮਰਿਆਦਾ ਦੀ ਉਲੰਘਣਾ ਮਾਮਲੇ ’ਚ 5 ਜਨਵਰੀ 2026 ਨੂੰ ਪੇਸ਼ ਹੋਣ ਲਈ ਕਿਹਾ

Cabinet Minister Tarunpreet Singh Sond summoned to Sri Akal Takht Sahib

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਮਰਿਆਦਾ, ਸਿਧਾਂਤਾਂ ਅਤੇ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਨਾਲ ਜੁੜੇ ਮਾਮਲਿਆਂ ’ਚ ਸਖ਼ਤ ਕਾਰਵਾਈ ਦੇ ਸੰਕੇਤ ਦਿੱਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਿੰਨ ਹੁਕਮ ਜਾਰੀ ਕੀਤੇ ਹਨ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਇੰਚਾਰਜ ਦੇ ਦਸਤਖਤ ਵਾਲੇ ਪਹਿਲੇ ਹੁਕਮ ਮੁਤਾਬਕ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੁਖੀ ਤਰੁਣਪ੍ਰੀਤ ਸਿੰਘ ਸੋਂਦ ਨੂੰ ਮਿਤੀ 5 ਜਨਵਰੀ 2026 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਸਕੱਤਰੇਤ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਬਣਾਈਆਂ ਗਈਆਂ ਕੁਝ ਤਸਵੀਰਾਂ ’ਚ ਸਿੱਖ ਸਿਧਾਂਤਾਂ, ਪਰੰਪਰਾਵਾਂ ਅਤੇ ਮਰਿਆਦਾ ਦੇ ਉਲਟ ਦਰਸ਼ਾਏ ਗਏ ਦ੍ਰਿਸ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਇਨ੍ਹਾਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜੋੜੇ ਪਾ ਕੇ ਪੰਜ ਪਿਆਰੇ ਸਾਹਿਬਾਨ ਨੂੰ ਅੰਮ੍ਰਿਤਪਾਨ ਕਰਵਾਉਂਦੇ ਹੋਏ ਦਿਖਾਉਣਾ ਅਤੇ ਅੰਮ੍ਰਿਤ ਛਕ ਰਹੇ ਸਿੰਘ ਨੂੰ ਮਰਿਆਦਾ ਅਨੁਸਾਰ ਬੀਰ ਆਸਣ ਵਿੱਚ ਨਾ ਦਰਸਾਉਣਾ ਸ਼ਾਮਲ ਹੈ। ਇਸ ਮਾਮਲੇ ’ਚ ਪਹਿਲਾਂ 18 ਨਵੰਬਰ 2025 ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਰੁਝੇਵਿਆਂ ਦੇ ਹਵਾਲੇ ਨਾਲ ਸਮਾਂ ਮੰਗਿਆ ਗਿਆ ਸੀ।

ਇਸੇ ਦਿਨ ਜਾਰੀ ਹੋਰ ਹੁਕਮ ਰਾਹੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸ. ਜਗਦੀਪ ਸਿੰਘ, ਸੀਨੀਅਰ ਵਾਇਸ ਪ੍ਰਧਾਨ ਸ. ਹਰਵਿੰਦਰ ਸਿੰਘ ਕੇ.ਪੀ., ਵਾਇਸ ਪ੍ਰਧਾਨ ਸ. ਆਤਮਾ ਸਿੰਘ ਅਤੇ ਸਕੱਤਰ ਸ. ਜਸਮੇਲ ਸਿੰਘ ਨੂੰ ਵੀ 5 ਜਨਵਰੀ 2026 ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਸਕੱਤਰੇਤ ਨੇ ਦੱਸਿਆ ਕਿ DSGMC ਵੱਲੋਂ 25 ਅਕਤੂਬਰ 2025 ਨੂੰ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੋਕ ਲਗਾਈ ਗਈ ਸੀ, ਜਿਸ ਦੀ ਉਲੰਘਣਾ ਕੀਤੀ ਗਈ।

ਇਸ ਤੋਂ ਇਲਾਵਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਨੂੰ ਵੀ ਨੋਟਿਸ ਜਾਰੀ ਕਰਦੇ ਹੋਏ 5 ਜਨਵਰੀ 2026 ਨੂੰ ਸਵੇਰੇ 10:30 ਵਜੇ ਨਿੱਜੀ ਤੌਰ ’ਤੇ ਹਾਜ਼ਰ ਹੋ ਕੇ ਸੰਸਥਾ ਦੇ ਸਾਰੇ ਮੈਂਬਰਾਂ ਦੀ ਅੰਮ੍ਰਿਤਧਾਰੀ ਅਤੇ ਗੈਰ-ਅੰਮ੍ਰਿਤਧਾਰੀ ਸਥਿਤੀ ਦੀ ਪੂਰੀ ਤੇ ਸਪਸ਼ਟ ਸੂਚੀ ਪੇਸ਼ ਕਰਨ ਲਈ ਕਿਹਾ ਗਿਆ ਹੈ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦੁਹਰਾਇਆ ਹੈ ਕਿ ਸਿੱਖ ਮਰਯਾਦਾ ਅਤੇ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨੀ ਹਰ ਸੰਸਥਾ ਅਤੇ ਅਹੁਦੇਦਾਰ ਦੀ ਨੈਤਿਕ ਤੇ ਧਾਰਮਿਕ ਜ਼ਿੰਮੇਵਾਰੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।