ਸਵਾਮੀਨਾਥਨ ਰਿਪੋਰਟ ਲਾਗੂ ਕਰਨ ਲਈ ਕੇਜਰੀਵਾਲ ਤੋਂ ਸਬਕ ਲੈਣ ਕੈਪਟਨ : ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗ ਕੀਤੀ ਕੀ ਪੰਜਾਬ ਸਰਕਾਰ ਸੰਕਟ ਵਿੱਚ ਫਸੀ ਕਿਸਾਨੀ ਦੀ ਹਾਲਤ...

Bhagwant Mann

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੰਗ ਕੀਤੀ ਕੀ ਪੰਜਾਬ ਸਰਕਾਰ ਸੰਕਟ ਵਿੱਚ ਫਸੀ ਕਿਸਾਨੀ ਦੀ ਹਾਲਤ ਸੁਧਾਰਨ ਲਈ ਅਤੇ ਇਸ ਨੂੰ ਇੱਕ ਲਾਹੇਵੰਦ ਧੰਦਾ ਬਣਾਉਣ ਲਈ ਜਲਦ ਤੋਂ ਜਲਦ ਸੂਬੇ ਵਿੱਚ ਸਵਾਮੀਨਾਥਨ ਰਿਪੋਰਟ ਲਾਗੂ ਕਰੇ।
'ਆਪ' ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਜੋ ਕੀ ਖੇਤੀ ਪ੍ਰਧਾਨ ਸੂਬਾ ਹੈ

ਅਤੇ ਏਥੋਂ ਦੀ 60% ਤੋਂ ਜ਼ਿਆਦਾ ਵਸੋਂ ਖੇਤੀ ਉੱਪਰ ਨਿਰਭਰ ਕਰਦੀ ਹੈ ਅਤੇ ਪੰਜਾਬ ਦੇਸ਼ ਦੇ ਅਨਾਜ ਭੰਡਾਰ ਭਰਨ ਵਿੱਚ ਵੱਡਾ ਰੋਲ ਅਦਾ ਕਰਦਾ ਹੈ, ਪਰ ਅਫ਼ਸੋਸ ਜਨਕ ਹੈ ਕੀ ਏਥੋਂ ਦਾ ਕਿਸਾਨ ਅਤੇ ਖੇਤ ਮਜ਼ਦੂਰ ਖੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ। ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ ਨਾ ਤਾਂ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਪੂਰੇ ਕਰਜ਼ੇ ਮੁਆਫ਼ ਕੀਤੇ ਅਤੇ ਨਾ ਹੀ ਉਨ੍ਹਾਂ ਦੇ ਬਿਹਤਰੀ ਲਈ ਕੋਈ ਕਦਮ ਉਠਾ ਰਹੀ ਹੈ। ਇਸ ਦਾ ਸਿੱਟਾ ਇਹ ਨਿਕਲਿਆ ਹੈ ਕਿ ਖੇਤੀ ਇੱਕ ਘਾਟੇ ਦਾ ਸੌਦਾ ਬਣ ਗਈ ਹੈ।

ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਕਹਿ ਕੇ  "ਕੇਂਦਰ ਸਰਕਾਰ ਸਵਾਮੀਨਾਥਨ ਰਿਪੋਰਟ ਲਾਗੂ ਕਰੇ" ਇਸ ਸੰਕਟ ਨੂੰ ਹੋਰ ਵੱਡਾ ਕਰ ਰਹੇ ਹਨ, ਕਿਉਂਕਿ 2014 ਲੋਕ ਸਭਾ ਚੋਣਾਂ ਵਿੱਚ ਭਾਜਪਾ ਸਵਾਮੀਨਾਥਨ ਰਿਪੋਰਟ ਸਮੇਤ ਕਈ ਵੱਡੇ ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਸੀ ਪਰ ਉਹ ਇਨ੍ਹਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਅਤੇ ਇਸ ਦੇ ਭਵਿੱਖ ਵਿੱਚ ਪੂਰਾ ਹੋਣ ਦੀ ਕੋਈ ਆਸ ਨਹੀਂ ਹੈ।

ਪਰ ਸਾਡੇ ਮੁੱਖ ਮੰਤਰੀ ਜੀ ਹਾਲੇ ਹੀ ਇਸੇ ਆਸ ਵਿੱਚ ਬੈਠੇ ਹਨ ਕੀ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਕੋਈ ਕਦਮ ਉਠਾਏਗੀ। ਪਰ ਉਹ ਅਜਿਹਾ ਕਰ ਕੇ ਇਹੋ ਸੰਕੇਤ ਦੇ ਰਹੇ ਹਨ ਕੀ ਇਹ ਵਾਅਦਾ ਕਦੇ ਪੂਰਾ ਨਹੀਂ ਹੋਣ ਵਾਲਾ। ਭਗਵੰਤ ਮਾਨ ਨੇ ਕਿਹਾ ਕਿ ਇਸ ਮਸਲੇ ਉੱਪਰ ਪੰਜਾਬ ਸਰਕਾਰ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਸਿੱਖਣ ਦੀ ਲੋੜ ਹੈ ਜੋ ਭਲੀ ਭਾਂਤ ਜਾਣ ਗਈ ਹੈ ਕੀ ਕੇਂਦਰ ਦੀ ਮੋਦੀ ਸਰਕਾਰ ਕਿਸੇ ਵੀ ਹਾਲਤ ਸਵਾਮੀਨਾਥਨ ਰਿਪੋਰਟ ਨੂੰ ਸਹੀ ਅਰਥਾਂ ਵਿੱਚ ਲਾਗੂ ਨਹੀਂ ਕਰੇਗੀ,

ਇਸ ਦੇ ਤਹਿਤ ਉਨ੍ਹਾਂ ਵੱਲੋਂ ਆਪਣੇ ਪੱਧਰ ਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸੈਕਟਰ ਦੇ ਮਾਹਿਰਾਂ ਦੀ ਕਮੇਟੀ ਬਣਾ ਕੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕੀ ਇਸ ਰਿਪੋਰਟ ਨੂੰ ਕਿਸ ਤਰ੍ਹਾਂ ਲਾਗੂ ਕੀਤਾ ਜਾਣਾ ਹੈ। ਭਗਵੰਤ ਮਾਨ ਨੇ ਕਿਹਾ ਕੀ ਪੰਜਾਬ ਸਰਕਾਰ ਨੂੰ ਦਿੱਲੀ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਹਾਲਾਤ ਸੁਧਾਰਨ ਲਈ ਕੇਂਦਰ ਦੀ ਲੋਕ ਵਿਰੋਧੀ ਮੋਦੀ ਸਰਕਾਰ ਉੱਪਰ ਉਮੀਦ ਰੱਖਣ ਦੀ ਬਜਾਏ

ਆਪਣੇ ਪੱਧਰ ਤੇ ਉਪਰਾਲੇ ਕਰਨ ਦੀ ਲੋੜ ਹੈ ਅਤੇ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਜ਼ਰੂਰਤ ਹੈ ਤਾਂ ਕੀ ਪੰਜਾਬ ਨੂੰ ਇਸ ਸੰਕਟ ਵਿਚੋਂ ਬਾਹਰ ਕੱਢਿਆ ਜਾ ਸਕੇ।