ਪਟਿਆਲਾ: ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਸਸਪੈਂਡ, ਕੈਦੀ ਨੇ ਪੈਸਿਆਂ ਦੀ ਮੰਗ ਕਰਨ ਦਾ ਲਾਇਆ ਸੀ ਇਲਜ਼ਾਮ
ਜਾਂਚ ਵਿੱਚ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਦੋਸ਼ੀ ਪਾਇਆ ਗਿਆ
ਪਟਿਆਲਾ - ਪੰਜਾਬ ਦੀ ਪਟਿਆਲਾ ਜੇਲ੍ਹ ਵਿੱਚ ਤਾਇਨਾਤ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਇਕ ਕੈਦੀ ਨੇ ਦੋਸ਼ ਲਾਇਆ ਹੈ ਕਿ ਕਮਲਜੀਤ ਸਿੰਘ ਉਸ ਤੋਂ ਪੈਸੇ ਦੀ ਮੰਗ ਕਰ ਰਿਹਾ ਸੀ। ਪੈਸੇ ਨਾ ਦੇਣ ਕਾਰਨ ਉਸ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸ਼ਿਕਾਇਤ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਵਿੱਚ ਸਹਾਇਕ ਸੁਪਰਡੈਂਟ ਕਮਲਜੀਤ ਸਿੰਘ ਦੋਸ਼ੀ ਪਾਇਆ ਗਿਆ। ਜਿਸ ਤੋਂ ਬਾਅਦ ਉਸ ਖਿਲਾਫ ਕਾਰਵਾਈ ਕਰਦੇ ਹੋਏ ਜੇਲ੍ਹ ਸੁਪਰਡੈਂਟ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ।
ਜੇਲ੍ਹ ਦੇ ਵਧੀਕ ਸੁਪਰਡੈਂਟ ਹਰਚਰਨ ਸਿੰਘ ਗਿੱਲ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੇ ਹੁਕਮ ਮਿਲਦਿਆਂ ਹੀ ਕਮਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਪੂਰੇ ਮਾਮਲੇ ਦੀ ਜਾਂਚ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਕੀਤੀ ਹੈ, ਇਸ ਲਈ ਉਹ ਇਸ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।
ਜ਼ਿਕਰਯੋਗ ਹੈ ਕਿ ਇਹ ਉਹੀ ਜੇਲ੍ਹ ਹੈ ਜਿੱਥੇ ਨਵਜੋਤ ਸਿੰਘ ਸਿੱਧੂ ਕੈਦ ਹੈ। ਉਹ ਇੱਥੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਿਹਾ ਹੈ।