ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਪੰਜਾਬ ਲੋਕ ਨਿਰਮਾਣ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਸਵੇਰੇ 9:15 ਵਜੇ ਅਚਨਚੇਤ ...

PWD minister Vijayinder Singla inspecting Head Office

ਪਟਿਆਲਾ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਪੰਜਾਬ ਲੋਕ ਨਿਰਮਾਣ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ ਸਵੇਰੇ 9:15 ਵਜੇ ਅਚਨਚੇਤ ਚੈਕਿੰਗ ਕੀਤੀ ਅਤੇ ਵਿਭਾਗ ਦੀ ਹਰ ਸ਼ਾਖ਼ਾ ਵਿਚ ਜਾ ਕੇ ਉਸ ਦਾ ਮੁਆਇਨਾ ਕੀਤਾ। ਚੈਕਿੰਗ ਤੋਂ ਬਾਅਦ ਉਹ ਵਿਭਾਗ ਦੇ ਸਾਰੇ ਰਜਿਸਟਰਾਂ ਦੀ ਜਾਂਚ ਕਰਨ ਲਈ ਰਜਿਸਟਰਾਂ ਨੂੰ ਅਪਣੇ ਨਾਲ ਹੀ ਲੈ ਗਏ ਅਤੇ ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਗ਼ੈਰ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ 'ਤੇ ਬਣਦੀ ਕਾਰਵਾਈ ਕਰਨਗੇ।

ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣੀਆਂ ਅਤੇ ਉਨ੍ਹਾਂ ਮੁਸ਼ਕਲਾਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿਤਾ।     
ਸ੍ਰੀ ਵਿਜੈਇੰਦਰ ਸਿੰਗਲਾ ਨੇ ਅਚਨਚੇਤ ਚੈਕਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੀ ਹਰੇਕ ਸ਼ਾਖ਼ਾ ਅਤੇ ਹਰੇਕ ਮੰਜ਼ਿਲ ਉਪਰ ਜਾ ਕੇ ਜਾਂਚ ਕੀਤੀ ਅਤੇ ਜਿਥੇ ਵੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕਮੀ ਲੱਗੀ ਉਨ੍ਹਾਂ ਤੁਰਤ ਅਧਿਕਾਰੀਆਂ ਨੂੰ ਇਸ ਦਾ ਹੱਲ ਕਰਨ ਦੇ ਆਦੇਸ਼ ਦਿਤੇ।

ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਲੋਕ ਨਿਰਮਾਣ ਵਿਭਾਗ ਵਲੋਂ ਕੀਤੇ ਸਾਰੇ ਕੰਮ ਭਾਵੇਂ ਸੜਕਾਂ, ਹਸਪਤਾਲ ਜਾਂ ਫੇਰ ਕੋਈ ਵੀ ਇਮਾਰਤ ਹੋਵੇ ਉਸ ਕੰਮ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕਮੀ ਪਾਈ ਗਈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਸਾਰੇ ਬਾਥਰੂਮਾਂ ਵਿਚ ਜਾ ਕੇ ਸਫ਼ਾਈ ਦੀ ਜਾਂਚ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। 

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੀਆਂ ਸਾਰੀਆਂ 14 ਸ਼ਾਖਾਵਾਂ ਦੀ ਚੈਕਿੰਗ ਤੋਂ ਬਾਅਦ ਸਮੂਹ ਸਟਾਫ਼ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆਂ ਅਤੇ ਇਨ੍ਹਾਂ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿਤਾ। ਇਸ ਮੌਕੇ ਕਰਮਚਾਰੀਆਂ ਵਲੋਂ ਉਠਾਈ ਪਾਰਕਿੰਗ ਦੀ ਸਮੱਸਿਆ ਅਤੇ ਕਰਮਚਾਰੀਆਂ ਦੀ ਘਾਟ ਦਾ ਹੱਲ ਛੇਤੀ ਕਰਨ ਦਾ ਭਰੋਸਾ ਦਿਤਾ।