ਬਠਿੰਡਾ: ਗੁਟਕਾ ਸਾਹਿਬ ਦੀ ਬੇਅਦਬੀ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਸ਼ਬਦਾਂ 'ਚ ਨਿੰਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ

Bibi Jagir Kaur

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਠਿੰਡਾ’ਚ ਹੋਈ ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਵਨ ਗੁਰਬਾਣੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਇਸ ਦੀ ਬੇਅਦਬੀ ਕਰਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕਰਦੇ ਹਨ।

ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿੱਖ ਹਿਰਦਿਆਂ ਨੂੰ ਠੇਸ ਪਹੁੰਚੀ ਹੈ। ਪਾਵਨ ਗੁਟਕਾ ਸਾਹਿਬ ਦੀ ਬੇਅਦਬੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਇਸ ਲਈ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਤਰ੍ਹਾਂ ਦੋਸ਼ੀਆਂ ਨੂੰ ਢਿੱਲ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।