ਮਰਹੂਮ ਸੰਤ ਬਾਬਾ ਲਾਭ ਸਿੰਘ ਜੀ ਨੂੰ ਸਿੱਖ ਆਗੂਆਂ ਵਲੋਂ ਸ਼ਰਧਾਂਜਲੀ

ਏਜੰਸੀ

ਖ਼ਬਰਾਂ, ਪੰਜਾਬ

ਸੰਤ ਬਾਬਾ ਲਾਭ ਸਿੰਘ ਜੀ ਦੇ ਦੇਹਾਂਤ ਨੂੰ ਦੱਸਿਆ ਨਾ ਪੂਰਾ ਹੋਣ ਵਾਲਾ ਘਾਟਾ

Sant Baba Labh Singh Ji

ਅਨੰਦਪੁਰ ਸਾਹਿਬ- ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ ਜੀ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪੰਜ ਭੂਤਕ ਸਰੀਰ ਨੂੰ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਰੱਖਿਆ ਗਿਆ ਹੈ ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਤ ਬਾਬਾ ਲਾਭ ਸਿੰਘ ਦੇ ਅੰਤਿਮ ਦਰਸ਼ਨ ਕਰਨ ਲਈ ਪਹੁੰਚੇ।

ਉਨ੍ਹਾਂ ਕਿਹਾ ਕੇ ਬਾਬਾ ਜੀ ਦਾ ਅਕਾਲ ਚਲਾਣਾ ਕਰ ਜਾਣਾ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਇੱਕ ਵੱਡਾ ਘਾਟਾ ਹੈ। ਦੱਸ ਦਈਏ ਕਿ ਮਾਨਵਤਾ ਦੇ ਮਸੀਹਾ ਸੇਵਾ ਦੇ ਪੁੰਜ ਕਾਰ ਸੇਵਾ ਕਿਲਾ ਅਨੰਦਗੜ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਲਾਭ ਸਿੰਘ ਜੀ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਐਤਵਾਰ ਸਵੇਰੇ ਸਵਾ 9 ਵਜੇ ਦੇ ਕਰੀਬ ਅਚਾਨਕ ਸਿਹਤ ਖ਼ਰਾਬ ਹੋਣ 'ਤੇ ਉਨ੍ਹਾਂ ਦੇ ਪੋਤਰੇ ਸੁਖਜੀਤ ਸਿੰਘ ਮਿੱਠੂ ਅਤੇ ਸੇਵਾਦਾਰਾਂ ਵੱਲੋਂ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਮਲਟੀ ਸਪੈਸ਼ਲਿਸਟੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ।

ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬਾਬਾ ਜੀ ਸੇਵਾ ਕਰਨ ਵਿਚ ਯਕੀਨ ਰੱਖਦੇ ਸਨ ਅਤੇ ਉਨ੍ਹਾਂ 600 ਤੋਂ ਵੱਧ ਗਰੀਬ ਘਰਾਂ ਦੀਆਂ ਲੜਕੀਆਂ ਦੇ ਵਿਆਹ ਵੀ ਕਰਵਾਏ। ਇੰਨਾ ਹੀ ਨਹੀਂ ਉਨ੍ਹਾਂ ਪੰਜਾਬ ਦੀ ਹੱਦ ਤਕ ਜਾ ਕੇ ਹਰਿਆਣਾ ਵਿਚ ਵੀ ਪੁਲਾਂ ਦਾ ਨਿਰਮਾਣ ਕੀਤਾ ਹੈ। ਉਨ੍ਹਾਂ ਆਪਣੇ ਜੀਵਨ ਦੌਰਾਨ ਕਈ ਸਕੂਲਾਂ ਦੀਆਂ ਇਮਾਰਤਾਂ ਬਣਵਾਈਆਂ ਸਨ। ਉਹ ਚੰਡੀਗੜ੍ਹ ਦੇ ਸਭ ਤੋਂ ਵੱਡੇ ਹਸਪਤਾਲ ਪੀਜੀਆਈ ਦੇ ਗੁਰਦੁਆਰਾ ਸਾਹਿਬ ਵਿਚ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਲੰਗਰ ਵੀ ਚਲਾਉਂਦੇ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਤਕਰੀਬਨ 29 ਸਕੂਲ ਤੇ ਕਾਲਜ ਵੀ ਬਣਾਏ ਤੇ ਇਨ੍ਹਾਂ ਨੂੰ ਬਣਾ ਕੇ ਸਰਕਾਰ ਨੂੰ ਸਪੁਰਦ ਕਰ ਦਿੱਤਾ ਹੈ।