ਕੈਪਟਨਅਮਰਿੰਦਰਸਿੰਘਨੇ ਪੀ.ਐਸ.ਪੀ.ਸੀਐਲ.ਨੂੰਸਾਰੇਇਕਪਾਸੜਬਿਜਲੀਖ਼ਰੀਦਸਮਝੌਤੇਰੱਦਕਰਨਅਤੇਮੁੜਘੋਖਣਲਈਆਖਿਆ
ਕੈਪਟਨ ਅਮਰਿੰਦਰ ਸਿੰਘ ਨੇ ਪੀ.ਐਸ.ਪੀ.ਸੀ.ਐਲ. ਨੂੰ ਸਾਰੇ ਇਕਪਾਸੜ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਅਤੇ ਮੁੜ ਘੋਖਣ ਲਈ ਆਖਿਆ
ਚੰਡੀਗੜ੍ਹ, 28 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਸਾਰੇ ਇਕਤਰਫ਼ਾ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ ਉਤੇ ਖਰੀਆਂ ਨਹੀਂ ਉਤਰੀਆਂ |
ਤਲਵੰਡੀ ਸਾਬੋ ਪਾਵਰ ਲਿਮਟਿਡ, ਮਾਨਸਾ ਜੋ ਸੂਬੇ ਦੇ ਸੱਭ ਤੋਂ ਵੱਡੇ ਨਿਜੀ ਥਰਮਲ ਪਲਾਂਟਾਂ ਵਿਚੋਂ ਇਕ ਹੈ, ਦੀ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਵੱਡੀ ਅਸਫ਼ਲਤਾ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਇਸ ਦੇ ਪੀ.ਪੀ.ਏ. ਰੱਦ ਕਰਨ ਦੇ ਨਿਰਦੇਸ਼ ਦਿਤੇ ਹਨ ਕਿਉਂ ਜੋ ਇਹ ਸਮਝੌਤਾ ਬਹੁਤਾ ਹੀ ਕੰਪਨੀ ਦੇ ਹੱਕ ਵਿਚ ਜਾਂਦਾ ਹੈ | ਉਨ੍ਹਾਂ ਨੇ ਪੀ.ਐਸ.ਪੀ.ਸੀ.ਐਲ. ਨੂੰ ਇਹ ਵੀ ਆਖਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਵੱਖ-ਵੱਖ ਆਜ਼ਾਦਾਨਾ ਬਿਜਲੀ ਨਿਰਮਾਤਾਵਾਂ (ਆਈ.ਪੀ.ਪੀਜ਼) ਜੋ ਮੁਢਲੇ
ਤੌਰ 'ਤੇ ਸੂਬੇ ਦੀ ਖ਼ਾਸ ਕਰ ਕੇ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਮੌਸਮ ਦੌਰਾਨ ਪੈਦਾ ਹੁੰਦੀ ਮੰਗ ਨੂੰ ਪੂਰਾ ਕਰਨ ਲਈ ਸਥਾਪਤ ਕੀਤੇ ਗਏ ਸਨ, ਨਾਲ ਸਹੀਬੱਧ ਕੀਤੇ ਸਾਰੇ ਬਿਜਲੀ ਖ਼ਰੀਦ ਸਮਝੌਤਿਆਂ ਦਾ ਨਿਰੀਖਣ ਕੀਤਾ ਜਾਵੇ | ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਨਿਰਦੇਸ਼ ਦਿਤੇ ਕਿ ਸਾਰੇ ਇਕਪਾਸੜ ਪੀ.ਪੀ.ਏਜ਼ ਰੱਦ ਕਰਨ/ਮੁੜ ਘੋਖੇ ਜਾਣ ਜਿਨ੍ਹਾਂ ਦਾ ਸੂਬੇ ਨੂੰ ਕੋਈ ਫ਼ਾਇਦਾ ਨਹੀਂ |
ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸਾਲ 2007 ਤੋਂ ਬਾਅਦ ਥਰਮਲ/ਹਾਈਡਰੋ ਨਾਲ 12 ਬਿਜਲੀ ਖ਼ਰੀਦ ਸਮਝੌਤੇ ਅਤੇ ਸੋਲਰ/ਬਾਇਉਮਾਸ ਨਾਲ ਲੰਬੇ ਸਮੇਂ ਦੇ 122 ਸਮਝੌਤੇ ਕੀਤੇ ਸਨ ਤਾਂ ਜੋ ਸੂਬੇ ਦੀ ਬਿਜਲੀ ਪੈਦਾਵਾਰ ਸਮਰੱਥਾ ਨੂੰ ਲਗਭਗ 13800 ਮੈਗਾਵਾਟ ਕਰ ਕੇ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਇਆ ਜਾਵੇ | ਹਾਲਾਂਕਿ ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਸਾਰੇ ਤਿੰਨੇ ਯੂਨਿਟ ਬਿਜਲੀ ਦੀ ਮੰਗ ਦੇ ਸਿਖਰ ਦੌਰਾਨ ਕੁੱਝ ਦਿਨਾਂ ਲਈ ਬਿਜਲੀ ਪੈਦਾ ਕਰਨ ਵਿਚ ਨਾਕਾਮ ਰਹੇ | ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਇਕ ਯੂਨਿਟ ਮਾਰਚ 2021 ਤੋਂ ਨਹੀਂ ਚਲ ਸਕਿਆ ਅਤੇ ਦੋ ਯੂਨਿਟ ਪਿਛਲੇ ਇਕ ਮਹੀਨੇ ਤੋਂ ਬਿਜਲੀ ਪੈਦਾ ਕਰਨ ਤੋਂ ਅਸਮਰੱਥ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਵੇਲੇ ਤਲਵੰਡੀ ਸਾਬੋ ਪਾਵਰ ਲਿਮਟਿਡ ਦਾ ਸਿਰਫ਼ ਇਕ ਯੂਨਿਟ ਚਲ ਰਿਹਾ ਹੈ ਅਤੇ ਇਨ੍ਹਾਂ ਕਾਰਨਾਂ ਨਾਲ ਰਾਜ ਵਿਚ ਬਿਜਲੀ ਦੀ ਭਾਰੀ ਘਾਟ ਆਈ ਹੈ |
ਮੁੱਖ ਮੰਤਰੀ ਨੇ ਦਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਦੀ ਨਾਕਾਮੀ ਦੇ ਨਤੀਜੇ ਵਜੋਂ ਪਏ ਘਾਟੇ ਨੂੰ ਪੂਰਨ ਲਈ ਪੀ.ਐਸ.ਪੀ.ਸੀ.ਐਲ. ਨੂੰ ਮੌਜੂਦਾ ਸੀਜ਼ਨ ਵਿਚ ਸੂਬੇ ਦੀ ਬਿਜਲੀ ਸਬੰਧੀ ਜ਼ਰੂਰਤ ਨੂੰ ਪੂਰਾ ਕਰਨ ਲਈ 3 ਗੁਣਾਂ 660 ਮੈਗਾਵਾਟ (1980 ਮੈਗਾਵਾਟ) ਦੀ ਸਮਰੱਥਾ ਨਾਲ ਪਾਵਰ ਐਕਸਚੇਂਜ ਤੋਂ ਥੋੜ੍ਹੇ ਸਮੇਂ ਦੀ ਬਿਜਲੀ ਖ਼ਰੀਦਣੀ ਪਈ | ਪੀ.ਐਸ.ਪੀ.ਸੀ.ਐਲ. ਨੇ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿਚ 886 ਕਰੋੜ ਰੁਪਏ ਖ਼ਰਚ ਕਰ ਕੇ 271 ਕਰੋੜ ਯੂਨਿਟ ਬਿਜਲੀ ਦੀ ਖ਼ਰੀਦ ਕੀਤੀ ਸੀ |