ਮਰੀਜ਼ ਦੇ ਵਾਰਸਾਂ ਅਤੇ ਸੁਰੱਖਿਆ ਗਾਰਡਾਂ ਵਿਚਾਲੇ ਹੱਥੋਪਾਈ ਦਾ ਮਾਮਲਾ: ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਸਪਤਾਲ ਵਿਚ ਪੁਲਿਸ ਚੌਕੀ ਬਣਾਉਣ ਲਈ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੇ ਐਸ.ਐਸ.ਪੀ. ਨੂੰ ਲਿਖਿਆ ਪੱਤਰ

Baba Farid University of Health Sciences,Faridkot

 

ਫਰੀਦਕੋਟ:  ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਨੇ ਅਪਣੇ ਅਧੀਨ ਪੈਂਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਸੁਰੱਖਿਆ ਗਾਰਡਾਂ ਵਲੋਂ ਮਰੀਜ਼ਾਂ ਦੇ ਰਿਸ਼ਤੇਦਾਰਾਂ ਨਾਲ ਕੀਤੀ ਕੁੱਟਮਾਰ ਦੀ ਘਟਨਾ ਦੇ ਜਾਂਚ ਦੇ ਹੁਕਮ ਦਿਤੇ ਹਨ। ਇਸ ਘਟਨਾ ਦਾ ਨੋਟਿਸ ਲੈਂਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਕੇ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਕਰਨ ਦਾ ਦਾਅਵਾ ਕੀਤਾ ਹੈ|

ਇਹ ਵੀ ਪੜ੍ਹੋ: ਧਿਆਨ ਸਿੰਘ ਮੰਡ ਨੇ ਜਥੇਦਾਰ ਰਘਬੀਰ ਸਿੰਘ ਨੂੰ ਮੁੜ ਲਿਖਿਆ ਪੱਤਰ 

ਇਸ ਤੋਂ ਇਲਾਵਾ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਨੇ ਐਸ.ਐਸ.ਪੀ. ਨੂੰ ਪੱਤਰ ਲਿਖ ਕੇ ਮੈਡੀਕਲ ਕਾਲਜ ਹਸਪਤਾਲ ਵਿਚ ਪੁਲਿਸ ਚੌਕੀ ਸਥਾਪਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੇ ਦਸਿਆ ਕਿ ਤਿੰਨ ਦਿਨ ਪਹਿਲਾਂ ਮੈਡੀਕਲ ਕਾਲਜ ਹਸਪਤਾਲ 'ਚ ਇਕ ਮਰੀਜ਼ ਦਾਖਲ ਹੋਇਆ ਸੀ, ਜਿਸ ਦੀ ਹਾਲਤ ਬਹੁਤ ਨਾਜ਼ੁਕ ਸੀ ਅਤੇ ਡਿਊਟੀ 'ਤੇ ਮੌਜੂਦ ਡਾਕਟਰਾਂ ਨੇ ਇਸ ਸਬੰਧੀ ਮਰੀਜ਼ ਦੇ ਵਾਰਸਾਂ ਨੂੰ ਸੂਚਿਤ ਕਰ ਦਿਤਾ ਸੀ|

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ, ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ

ਮਰੀਜ਼ ਦੀ ਮੌਤ ਤੋਂ ਬਾਅਦ ਵਾਰਸਾਂ ਵਿਚ ਹੜਕੰਪ ਮੱਚ ਗਿਆ ਅਤੇ ਮਰੀਜ਼ ਦੇ ਪ੍ਰਵਾਰਕ ਮੈਂਬਰਾਂ ਅਤੇ ਸੁਰੱਖਿਆ ਗਾਰਡਾਂ ਵਿਚਾਲੇ ਹੱਥੋਪਾਈ ਹੋ ਗਈ। ਯੂਨੀਵਰਸਿਟੀ ਨੇ ਮਾਮਲੇ ਦੀ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ ਅਤੇ ਦੋਵਾਂ ਧਿਰਾਂ ਨਾਲ ਗੱਲਬਾਤ ਦੇ ਆਧਾਰ 'ਤੇ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਜਾਂਚ ਮਗਰੋਂ ਅਪਣੀ ਰਿਪੋਰਟ ਸੌਂਪੇਗੀ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਕੇ.ਐਲ.ਐਫ਼. ਮਾਡਿਊਲ ਦੇ ਪੰਜ ਕਾਰਕੁਨ ਕੀਤੇ ਗ੍ਰਿਫ਼ਤਾਰ, 2 ਗੈਰ-ਕਾਨੂੰਨੀ ਹਥਿਆਰ ਅਤੇ ਜਿੰਦਾ ਕਾਰਤੂਸ ਬਰਾਮਦ

ਇਸ ਤੋਂ ਇਲਾਵਾ ਯੂਨੀਵਰਸਿਟੀ ਨੇ ਐਸ.ਐਸ.ਪੀ. ਨੂੰ ਪੱਤਰ ਲਿਖ ਕੇ ਮੈਡੀਕਲ ਕਾਲਜ ਹਸਪਤਾਲ ਵਿਚ ਪੁਲਿਸ ਚੌਕੀ ਸਥਾਪਤ ਕਰਨ ਦੀ ਮੰਗ ਕੀਤੀ ਹੈ। ਦਸਿਆ ਜਾ ਰਿਹਾ ਹੈ ਕਿ ਪਹਿਲਾਂ ਇਥੇ ਪੁਲਿਸ ਚੌਕੀ ਸੀ ਪਰ ਕੁੱਝ ਸਮਾਂ ਪਹਿਲਾਂ ਇਸ ਨੂੰ ਬੰਦ ਕਰ ਦਿਤਾ ਗਿਆ ਸੀ। ਵਾਈਸ ਚਾਂਸਲਰ ਅਨੁਸਾਰ ਐਸ.ਐਸ.ਪੀ. ਨੇ ਇਸ ਸਬੰਧੀ ਜਲਦੀ ਹੀ ਯੋਗ ਕਾਰਵਾਈ ਕਰਨ ਦਾ ਭਰੋਸਾ ਦਿਤਾ ਹੈ।