Amritsar News : ਅੰਮ੍ਰਿਤਸਰ 'ਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਭੇਜਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ: ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ 'ਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

Amritsar News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ - ਦੋ 9 ਐਮਐਮ, ਦੋ .30 ਬੋਰ ਅਤੇ ਇੱਕ .32 ਬੋਰ - ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਪਾਕਿਸਤਾਨ ਅਧਾਰਤ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ। ਦੱਸਣਯੋਗ ਹੈ ਕਿ ਉਕਤ ਪਾਕਿਸਤਾਨ ਅਧਾਰਤ ਤਸਕਰ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੇ ਇਰਾਦੇ ਨਾਲ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਮੁਲਜ਼ਮਾਂ ਦੁਆਰਾ ਤਰਨਤਾਰਨ ਦੇ ਪਿੰਡ ਦਲੀੜੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੇ ਜਾਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਅੱਗੇ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਭਰਤਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਇੱਬਣ-ਪਿੰਡ ਮੂਲੇਚੱਕ ਰੋਡ ‘ਤੇ ਉਸ ਵੇਲੇ ਘੇਰਾ ਪਾ ਲਿਆ ਜਦੋਂ ਉਹ ਕਿਸੇ ਅੱਗੇ ਕਿਸੇ ਪਾਰਟੀ ਨੂੰ ਖੇਪ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ।

ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25, 25(1)(ਏ) ਅਤੇ 25(1)(ਬੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 41 ਮਿਤੀ 28-07-2025 ਦਰਜ ਕੀਤੀ ਗਈ ਹੈ।

(For more news apart from Pakistani smuggler's henchman arrested with five modern pistols in Amritsar News in Punjabi, stay tuned to Rozana Spokesman)