31 ਕਿਸਾਨ ਜੱਥੇਬੰਦੀਆਂ ਕਰਨਗੀਆਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ
1 ਅਕਤੂਬਰ ਤੱਕ ਕੀਤਾ ਜਾਵੇਗਾ ਰੇਲ ਰੋਕੋ ਅੰਦੋਲਨ
ਚੰਡੀਗੜ੍ਹ - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖ਼ਿਲਾਫ਼ ਪੰਜਾਬ ਦੇ ਕਿਸਾਨ ਸੜਕਾਂ 'ਤੇ ਉਤਰ ਗਏ ਹਨ। ਇਸ ਨੂੰ ਮੁੱਖ ਰੱਖਦਿਆਂ ਸੂਬੇ ਦੀਆਂ 31 ਕਿਸਾਨ ਜੱਥੇਬੰਦੀਆਂ ਅੱਜ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੀਆਂ। ਇਸ ਤੋਂ ਪਹਿਲਾਂ ਕਿਸਾਨ ਜੱਥੇਬੰਦੀਆਂ ਵੱਲੋਂ ਆਪਸ ਵਿਚ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਚੰਡੀਗੜ੍ਹ ਕਿਸਾਨ ਭਵਨ ਵਿਚ ਬੈਠਕ ਕਰਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।
ਕਿਸਾਨਾਂ ਵੱਲੋਂ ਪਹਿਲਾਂ ਹੀ 1 ਅਕਤੂਬਰ ਤੋਂ 'ਰੇਲੇ ਰੋਕੋ' ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਿਸਾਨਾਂ ਨੇ ਸਾਫ਼ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਉਹ ਧਰਨਿਆਂ ਦਾ ਸਿਆਸੀਕਰਨ ਨਹੀਂ ਹੋਣ ਦੇਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਦੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਲਈ ਹੁਣ ਵੀ ਸਿਆਸਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀਆਂ ਨੂੰ ਕਿਸਾਨਾਂ ਦੀ ਇੰਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ।
ਦੱਸ ਦਈਏ ਕਿ ਖੇਤੀ ਬਿੱਲਾਂ ਦੇ ਵਿਰੋਧ 'ਚ ਪੰਜਾਬ ਸਣੇ ਕਈ ਸੂਬਿਆਂ ਦੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦੂਜੇ ਪਾਸੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਨਾਲ ਜੁੜੇ ਤਿੰਨਾਂ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੇ ਹਸਤਾਖ਼ਰ ਤੋਂ ਬਾਅਦ ਤਿੰਨੋਂ ਬਿੱਲ ਹੁਣ ਕਾਨੂੰਨ ਬਣ ਗਏ ਹਨ, ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।