1 ਅਕਤੂਬਰ ਤੋਂ ਸ਼ੰਭੂ ਬਾਡਰ ‘ਤੇ ਮੋਰਚਾ ਸੰਭਾਲਣਗੇ ਕਿਸਾਨ, ਅਣਮਿੱਥੇ ਸਮੇਂ ਲਈ ਰੋਕਣਗੇ ਟਰੇਨਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਹਰਿਆਣਾ ਬਾਡਰ ਸ਼ੰਭੂ ਵਿਖੇ ਕਿਸਾਨ ਆਗੂਆਂ ਨਾਲ ਕੀਤੀ ਗਈ ਮੀਟਿੰਗ

Farmer Protest

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ਼ ਪੰਜਾਬ ਦੇ ਕਿਸਾਨਾਂ ਦਾ ਰੋਹ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਹਰਿਆਣਾ ਬਾਡਰ ਸ਼ੰਭੂ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਭਾਰੀ ਗਿਣਤੀ ਵਿਚ ਕਿਸਾਨ ਆਗੂ ਸ਼ਾਮਲ ਹੋਏ।

ਕਿਸਾਨ ਆਗੂਆਂ ਨੇ ਇਸ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਹ ਹਰ ਯਤਨ ਕਰਨਗੇ। ਕਿਸਾਨਾਂ ਵੱਲੋਂ ਰੋਸ ਵਜੋਂ 1 ਅਕਤੂਬਰ ਤੋਂ ਅਣਮਿੱਥੇ ਸਮੇਂ ਲ਼ਈ ਰੇਲ ਪਟੜੀਆਂ ‘ਤੇ ਧਰਨੇ ਦਿੱਤੇ ਜਾਣਗੇ। ਰੇਲ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਗੁੱਸੇ ਵਿਚ ਕਿਹਾ ਕਿ ਉਹ  ਨਾ ਤਾਂ ਕੋਈ ਟਰੇਨ ਪੰਜਾਬ ਆਉਣ ਦੇਣਗੇ ਅਤੇ ਨਾ ਹੀ ਕਿਸੇ ਟਰੇਨ ਨੂੰ ਪੰਜਾਬ ਤੋਂ ਬਾਹਰ ਜਾਣ ਦੇਣਗੇ। ਕਿਸਾਨ ਆਗੂਆਂ ਨੇ ਭਾਜਪਾ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹਨਾਂ ਨੂੰ ਭਾਜਪਾ ‘ਤੇ ਬਿਲਕੁਲ ਯਕੀਨ ਨਹੀਂ ਹੈ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਡਾਕਟਰ ਸਵਾਮੀਨਾਥਨ ਰਿਪੋਰਟ ਰੱਦ ਕਰਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਭਾਜਪਾ ਸਰਕਾਰ ਕਿਸਾਨ ਵਿਰੋਧੀ ਹੈ। ਕਿਸਾਨ ਜਥੇਬੰਦੀਆਂ ਨੇ ਇਸ ਅੰਦੋਲਨ ਵਿਚ ਸਿਆਸੀ ਪਾਰਟੀਆਂ ਨੂੰ ਸੱਦਾ ਨਹੀਂ ਦਿੱਤਾ ਹੈ।