ਮੌੜ ਮੰਡੀ ਬੰਬ ਧਮਾਕਾ :  ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ 

ਏਜੰਸੀ

ਖ਼ਬਰਾਂ, ਪੰਜਾਬ

ਧਮਾਕਾ 'ਚ 7 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 25 ਜ਼ਖ਼ਮੀ ਹੋਏ ਸਨ

High Court

ਚੰਡੀਗੜ੍ਹ : ਸੂਬੇ 'ਚ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੌੜ ਮੰਡੀ 'ਚ ਹੋਏ ਬੰਬ ਧਮਾਕਾ ਹੋਇਆ ਸੀ ਜਿਸ 'ਚ 7 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 25 ਜ਼ਖ਼ਮੀ ਹੋਏ ਸਨ। ਇਸ ਮਾਮਲੇ 'ਚ ਕੋਈ ਵੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪਟੀਸ਼ਨ ਦਾਇਰ ਕੀਤੀ ਗਈ ਸੀ।

ਹੁਣ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 26 ਨਵੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਬਠਿੰਡਾ 'ਚ 31 ਜਨਵਰੀ 2017 ਨੂੰ ਮੌੜ ਮੰਡੀ ਵਿਧਾਨ ਸਭਾ ਹਲਕੇ ਵਿਚ ਕਾਂਗਰਸੀ ਉਮੀਦਵਾਰ ਦੀ ਜਨਤਕ ਮੀਟਿੰਗ ਦੌਰਾਨ ਬੰਬ ਧਮਾਕਾ ਹੋਇਆ ਸੀ, ਜਿਸ ਦੇ ਦੋਸ਼ੀਆਂ ਨੂੰ ਅਜੇ ਤੱਕ ਪੁਲਿਸ ਫੜ ਨਹੀਂ ਸਕੀ। ਇਸ ਧਮਾਕੇ 'ਚ ਪੰਜ ਮਾਸੂਮਾਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ।

ਪੀੜਤ ਪ੍ਰਵਾਰਾਂ  ਨੂੰ ਅੱਜ ਤਕ ਇਨਸਾਫ਼ ਨਹੀਂ ਮਿਲਿਆ। ਇਸ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਭਗੌੜਾ ਕਰਾਰ ਦਿਤਾ ਗਿਆ ਅਤੇ ਬਾਅਦ ਵਿਚ ਉਨ੍ਹਾਂ ਨੂੰ ਫੜਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਪੁਲਿਸ ਵਲੋਂ ਕੀਤੀ ਗਈ ਜਾਂਚ 'ਚ ਇਹ ਗੱਲ ਸਾਹਮਣੇ ਆਈ ਸੀ ਕਿ ਇਸ ਧਮਾਕੇ ਲਈ ਇੱਕ ਮਾਰੂਤੀ ਕਾਰ ਅਤੇ ਕੂਕਰ ਦੀ ਵਰਤੋਂ ਕੀਤੀ ਗਈ ਸੀ।

ਇਸ ਤੋਂ ਇਲਾਵਾ ਘਟਨਾ ਵਾਲੀ ਥਾਂ ਤੋਂ 9 ਵਾਰ ਸਿਰਸਾ ਫ਼ੋਨ ਕਾਲ ਕੀਤੀ ਗਈ ਸੀ। ਇਸ ਸਬੰਧੀ ਚਾਰ ਲੋਕਾਂ ਵਲੋਂ ਅਦਾਲਤ 'ਚ ਗਵਾਹੀ ਵੀ ਦਿਤੀ ਜਾ ਚੁੱਕੀ ਹੈ ਪਰ ਉਨ੍ਹਾਂ ਵਲੋਂ ਦੱਸੇ ਦੋਸ਼ੀਆਂ ਨੂੰ ਭਗੌੜਾ ਕਰਾਰ ਦੇ ਦਿਤਾ ਗਿਆ ਹੈ। ਹਾਈਕੋਰਟ ਦੀ ਝਾੜ ਤੋਂ ਬਾਅਦ ਜਾਂਚ ਲਈ ਨਵੀਂ SIT ਦਾ ਗਠਨ ਕੀਤਾ ਗਿਆ ਸੀ।