ਪਰਾਲ਼ੀ ਨਾ ਸਾੜਨ ਵਾਲੇ ਪੰਜਾਬ ਦੇ 150 ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ 

ਏਜੰਸੀ

ਖ਼ਬਰਾਂ, ਪੰਜਾਬ

ਪਰਾਲ਼ੀ ਨੂੰ ਅੱਗ ਲਾਉਣ ਨਾਲ ਮਿੱਟੀ ਦੀ ਉੱਪਰਲੀ ਪਰਤ ਵਿੱਚ ਮੌਜੂਦ ਹੋਰ ਸੂਖਮ ਜੀਵਾਂ ਦੇ ਨਾਲ-ਨਾਲ ਇਸ ਦੀ ਜੈਵਿਕ ਗੁਣਵੱਤਾ ਨੂੰ ਵੀ ਨੁਕਸਾਨ ਪਹੁੰਚਦਾ ਹੈ।

File Photo

 

ਮੋਹਾਲੀ - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਨੀਵਾਰ 29 ਅਕਤੂਬਰ ਨੂੰ ਕਿਸਾਨਾਂ ਨੂੰ ਪਰਾਲ਼ੀ ਨਾ ਸਾੜਨ ਦਾ ਸੱਦਾ ਦਿੱਤਾ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਅਤੇ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇੱਕ ਸਰਕਾਰੀ ਪ੍ਰੈੱਸ ਰਿਲੀਜ਼ ਅਨੁਸਾਰ, ਸਪੀਕਰ ਨੇ ਇੱਥੇ ਇੱਕ ਸਮਾਗਮ ਦੌਰਾਨ ਇੱਕ ਇਕੱਠ ਨੂੰ ਸੰਬੋਧਨ ਕੀਤਾ, ਜਿਸ ਵਿੱਚ ਸੂਬੇ ਭਰ ਦੇ 150 ਅਗਾਂਹਵਧੂ ਕਿਸਾਨਾਂ ਨੂੰ ਪਿਛਲੇ ਪੰਜ ਸਾਲਾਂ ਤੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਸਨਮਾਨਿਤ ਕੀਤਾ ਗਿਆ। ਸੰਧਵਾਂ ਨੇ ਕਿਹਾ ਕਿ ਪਰਾਲ਼ੀ ਨੂੰ ਅੱਗ ਲਾਉਣ ਨਾਲ ਮਿੱਟੀ ਦੀ ਉੱਪਰਲੀ ਪਰਤ ਵਿੱਚ ਮੌਜੂਦ ਹੋਰ ਸੂਖਮ ਜੀਵਾਂ ਦੇ ਨਾਲ-ਨਾਲ ਇਸ ਦੀ ਜੈਵਿਕ ਗੁਣਵੱਤਾ ਨੂੰ ਵੀ ਨੁਕਸਾਨ ਪਹੁੰਚਦਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਿਸਾਨ ਪਰਾਲ਼ੀ ਸਾੜਨਾ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨਾ ਸਿਰਫ਼ ਫ਼ੇਫ਼ੜਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਹੋਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਮਨੁੱਖ ਦੀ ਸਿਹਤ 'ਤੇ ਬੁਰਾ ਪ੍ਰਭਾਵ ਪਾਉਂਦੀਆਂ ਹਨ। 

ਹੇਅਰ ਨੇ ਅਗਾਂਹਵਧੂ ਕਿਸਾਨਾਂ ਨੂੰ ਪਿੰਡਾਂ ਵਿੱਚ ਪਰਾਲ਼ੀ ਨਾ ਸਾੜਨ ਦਾ ਸੁਨੇਹਾ ਫ਼ੈਲਾਉਣ ਦੀ ਅਪੀਲ ਕੀਤੀ। ਮੰਤਰੀ ਨੇ ਇਸ ਗੱਲ 'ਤੇ ਵੀ ਖੁਸ਼ੀ ਜ਼ਾਹਿਰ ਕੀਤੀ ਕਿ ਨੌਜਵਾਨ ਪੀੜ੍ਹੀ ਹੁਣ ਵੱਡੇ ਪੱਧਰ 'ਤੇ ਰੁੱਖ ਲਗਾਉਣ ਦੀ ਮੁਹਿੰਮ ਵਿੱਚ ਹਿੱਸਾ ਲੈ ਰਹੀ ਹੈ। ਉਨ੍ਹਾਂ ਸੂਬਾ ਸਰਕਾਰ ਦੀ ਮੁਹਿੰਮ ਬਾਰੇ ਵੀ ਦੱਸਿਆ ਜਿਸ ਤਹਿਤ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਛੋਟੇ ਜੰਗਲਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਪ੍ਰੋਗਰਾਮ ਵਿੱਚ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨੇ ਲੋਕਾਂ ਨੂੰ ਪਰਾਲ਼ੀ ਸਾੜਨ ਦੇ ਬੁਰੇ ਪ੍ਰਭਾਵਾਂ, ਇਸ ਦੇ ਬਦਲਵੇਂ ਤਰੀਕਿਆਂ ਅਤੇ ਇਸ ਨੂੰ ਕਾਬੂ ਹੇਠ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਗਰੂਕ ਕੀਤਾ।