ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ

ਏਜੰਸੀ

ਖ਼ਬਰਾਂ, ਪੰਜਾਬ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀ ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਸ਼੍ਰੋਮਣੀ..

kartarpur sahib

ਅੰਮ੍ਰਿਤਸਰ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੀ ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ 'ਚ ਇਸ ਸਬੰਧੀ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ।

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਉਂਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਿਆਂ 'ਚ ਸਹੂਲਤ ਦੇਣ ਦਾ ਐਲਾਨ ਕੀਤਾ ਸੀ ਜਿਸ ਤਹਿਤ ਵਿਸ਼ੇਸ਼ ਕਾਊਂਟਰ ਬਣਾਏ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਆਨਲਾਈਨ ਫਾਰਮ ਭਰਨ ਦੀ ਮੁਸ਼ਕਲ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ ਹਰ ਗੁਰਦੁਆਰੇ 'ਚ ਮੁਲਾਜ਼ਮ ਤਾਇਨਾਤ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਵੀ ਰਜਿਸਟ੍ਰੇਸ਼ਨ ਲਈ ਸ਼੍ਰੋਮਣੀ ਕਮੇਟੀ ਪਾਸੋਂ ਸਹੂਲਤ ਪ੍ਰਾਪਤ ਕਰ ਸਕੇਗੀ।ਇਸ ਕਾਰਜ ਲਈ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਵਿਸ਼ੇਸ਼ ਕੇਂਦਰ ਖੋਲਿਆ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੀ ਇਹ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ।

ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਹਰ ਇਤਿਹਾਸਕ ਗੁਰਦੁਆਰੇ ਅੰਦਰ ਵੀ ਰਜਿਸਟ੍ਰੇਸ਼ਨ ਦੀਆਂ ਸੇਵਾਵਾਂ ਲਾਗਤਾਰ ਜਾਰੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਰਧਾਲੂਆਂ ਨੂੰ ਰਜਿਸਟ੍ਰੇਸ਼ਨ ਲਈ ਆਪਣੇ ਆਧਾਰ ਕਾਰਡ ਅਤੇ ਪਾਸਪੋਰਟ ਦੀਆਂ ਰੰਗਦਾਰ ਫੋਟੋ ਕਾਪੀਆਂ ਅਤੇ ਇਕ ਪਾਸਪੋਰਟ ਆਕਾਰ ਦੀ ਰੰਗਦਾਰ ਤਸਵੀਰ ਦੇਣੀ ਪਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਸੰਗਤ ਨੂੰ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਟਰਮੀਨਲ ਤਕ ਜਾਣ-ਆਉਣ ਲਈ ਆਉਂਦੀ ਮੁਸ਼ਕਲ ਦੇ ਮੱਦੇਨਜ਼ਰ ਕੱਲ੍ਹ ਤੋਂ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਇਹ ਬੱਸ ਸੇਵਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਸਰਹੱਦ ਤਕ ਹੋਵੇਗੀ ਜੋ ਟਰਮੀਨਲ ਤੋਂ ਵਾਪਸੀ ਡੇਰਾ ਬਾਬਾ ਨਾਨਕ ਤਕ ਵੀ ਸੰਗਤ ਨੂੰ ਲੈ ਕੇ ਆਵੇਗੀ। ਇਹ ਸੇਵਾ ਸਵੇਰ ਤੋਂ ਸ਼ਾਮ ਤਕ ਰੋਜ਼ਾਨਾ ਜਾਰੀ ਰਹੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।