ਵਿਜੀਲੈਂਸ ਵੱਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਦਾਲਤ ਵਿੱਚ ਚਲਾਣ ਪੇਸ਼ ਕਰਨ ਲਈ ਲੈ ਰਿਹਾ ਸੀ ਰਿਸ਼ਵਤ 

Vigilance arrested ASI red-handed by taking a bribe of 5 thousand rupees

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 6, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਕੁਲਵਿੰਦਰ ਸਿੰਘ (ਨੰ. 2788/ਲੁਧਿਆਣਾ) ਨੂੰ ਗੁਰਪ੍ਰੀਤ ਸਿੰਘ ਵਾਸੀ ਸਤਜੋਤ ਨਗਰ, ਧਾਂਦਰਾ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਭਾਣਜੀ ਵਿਰੁੱਧ ਦਰਜ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।