ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਨਿਗਮ ਚੋਣਾਂ ਅਪਣੇ ਚੋਣ ਨਿਸ਼ਾਨ ’ਤੇ ਲੜਨ ਦਾ ਐਲਾਨ
ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਨਿਗਮ ਚੋਣਾਂ ਅਪਣੇ ਚੋਣ ਨਿਸ਼ਾਨ ’ਤੇ ਲੜਨ ਦਾ ਐਲਾਨ
ਚੰਡੀਗੜ੍ਹ, 28 ਦਸੰਬਰ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ (ਆਪ) ਪੰਜਾਬ ਆਉਣ ਵਾਲੀਆਂ ਨਗਰ ਨਿਗਮਾਂ ਅਤੇ ਮਿਊਸ਼ਪਲ ਕਮੇਟੀਆਂ ਦੀਆਂ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ਉੱਤੇ ਲੜੇਗੀ। ਇਹ ਐਲਾਨ ਅੱਜ ਇਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਸਥਾਨਕ ਸਰਕਾਰਾਂ ਦੀਆਂ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਬਦਲਾਅ ਦੇ ਲਈ ਲੋਕਾਂ ਵਾਸਤੇ ਇਹ ਸੁਨਿਹਰੀ ਮੌਕਾ ਹੈ, ਕਿ ਉਹ ਇਸ ਵਾਰ ਲੋਕਾਂ ਲਈ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਅਪਣਾ ਕੌਂਸਲਰ ਚੁਣਨ।
ਉਨ੍ਹਾਂ ਚੋਣਾਂ ਵਿਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਦੇ ਅਪਣੀ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਦਾ ਦਬਾਅ ਮੰਨਣ ਦੀ ਕੋਈ ਜ਼ਰੂਰਤ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਨਗਰ ਨਿਗਮਾਂ, ਮਿਊਂਸਪਲ ਕਮੇਟੀਆਂ ਵਿਚ ਕਰੋੜਾਂ ਰੁਪਏ ਦੇ ਘਪਲੇ ਹੁੰਦੇ ਹਨ। ਅਜਿਹੇ ਭਿ੍ਰਸ਼ਟਾਚਾਰ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਪੜ੍ਹੇ ਲਿਖੇ ਅਤੇ ਯੋਗ ਵਿਅਕਤੀਆਂ ਨੂੰ ਅਪਣਾ ਪ੍ਰਤੀਨਿੱਧ ਚੁਣਿਆ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਅਪਣੇ ਚੋਣ ਨਿਸ਼ਾਨ ‘ਝਾੜੂ’ ਨਾਲ ਗਲੀ ਮੁਹੱਲੇ ’ਚੋਂ ਰਾਜਨੀਤਿਕ ਅਤੇ ਕੂੜੇ ਦੀ ਗੰਦਗੀ ਨੂੰ ਸਾਫ਼ ਕੀਤਾ ਜਾਵੇਗਾ।
ਫ਼ੋਟੋ ਸੰਤੋਖ ਸਿੰਘ