ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਏਜੰਸੀ

ਖ਼ਬਰਾਂ, ਪੰਜਾਬ

ਲੋਕਾਂ ਨੂੰ ਦਸਵੇਂ ਪਾਤਸ਼ਾਹ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ

Greetings from the Chief Minister on the birth anniversary of Sri Guru Gobind Singh Ji

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ।

ਸਿੱਖਾਂ ਦੇ ਦਸਵੇਂ ਗੁਰੂ ਅਤੇ 'ਖਾਲਸਾ ਪੰਥ' ਦੇ ਬਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਕਾਲ ਦੌਰਾਨ ਪਿਆਰ, ਇਕਜੁੱਟਤਾ ਅਤੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ।

ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕਰਕੇ ਨਿਆਂ, ਬਰਾਬਰੀ, ਸਮਾਜਿਕ ਭਲਾਈ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਟੀਚਿਆਂ ਦੀ ਪ੍ਰਾਪਤੀ ਲਈ ਖੁਦ ਨੂੰ ਕੁਰਬਾਨ ਕਰਨ ਲਈ ਸਦਾ ਤਿਆਰ ਰਹਿਣ ਵਾਲੀ ਕੌਮ ਤਿਆਰ ਕੀਤੀ।

ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕਰਨ ਵਾਲੇ ਮਹਾਨ "ਸੰਤ ਸਿਪਾਹੀ" ਦੀਆਂ ਸਿੱਖਿਆਵਾਂ ਅਤੇ ਅਮੀਰ ਵਿਰਾਸਤ 'ਤੇ ਚੱਲਣ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਦਰਸਾਏ ਮਾਰਗ 'ਤੇ ਚੱਲਦਿਆਂ ਆਦਰਸ਼ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਲੋਕਾਂ ਨੂੰ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਪਰੰਪਰਾਵਾਂ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਗੁਰੂ ਜੀ ਦੇ ਬੇਮਿਸਾਲ ਯੋਗਦਾਨ ਨੂੰ ਯਾਦ ਕਰਵਾਇਆ, ਜਿਸ ਲਈ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਇਹ ਪਵਿੱਤਰ ਦਿਹਾੜਾ ਮਨਾਉਣ ਲਈ ਕਿਹਾ।