ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ਦੇ ਪਿੰਡ ਹੋਣਗੇ ਸਮਾਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਸਮਾਰਟ ਪਿੰਡ ਮੁਹਿੰਮ' ਨੂੰ ਮਿਲੀ ਪ੍ਰਵਾਨਗੀ.... 

Govt of Punjab

ਚੰਡੀਗੜ੍ਹ : ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਵਧਾਵਾ ਦੇਣ ਲਈ ਮੰਤਰੀ ਮੰਡਲ ਨੇ 'ਸਮਾਰਟ ਪਿੰਡ ਮੁਹਿੰਮ' ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਸ ਮੁਹਿੰਮ ਦੇ ਚਲਦੇ  384.40 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦਾ ਬੁਨਿਆਦੀ ਢਾਂਚਾ ਸੁਧਾਰੇ ਜਾਣ ਦਾ ਫੈਸਲਾ ਲਿਆ ਹੈ। ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪਿੰਡਾਂ ਵਿੱਚ ਰਹਿ ਰਹੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹੋਰ ਉਪਰਾਲੇ ਕਰਨ ਦੀ ਲੋੜ ਮਹਿਸੂਸ ਕੀਤੀ ਹੈ। ਇਸ ਮੁਹਿੰਮ ਦਾ ਉਦੇਸ਼ ਦਿਹਾਤੀ ਇਲਾਕਿਆਂ ਦੀਆਂ ਹਾਲਤਾਂ ਵਿੱਚ ਸੁਧਾਰ ਲਿਆਉਣਾ ਹੈ। ਅਜਿਹਾ ਇਮਾਰਤੀ ਬੁਨਿਆਦੀ ਢਾਂਚੇ ਅਤੇ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੱਲ ਰਹੀਆਂ ਸਰਕਾਰੀ ਸਕੀਮਾਂ ਵਿੱਚ ਹੋਰ ਵਾਧੇ-ਘਾਟੇ ਰਾਹੀਂ ਬੇਹਤਰ ਤਾਲਮੇਲ ਬਿਠਾ ਕੇ ਕੀਤਾ ਜਾਵੇਗਾ।

ਇਹ ਮੁਹਿੰਮ ਇਸ ਪੱਖ 'ਤੇ ਆਧਾਰਿਤ ਹੋਵੇਗੀ ਕਿ ਹਰੇਕ ਪਿੰਡ ਬੁਨਿਆਦੀ ਢਾਂਚਾ, ਸਿਹਤ, ਸਿੱਖਿਆ, ਵਾਤਾਵਰਣ ਆਦਿ ਵਰਗੇ ਵੱਖ-ਵੱਖ ਖੇਤਰਾਂ ਵਿੱਚ ਟੀਚਿਆਂ ਦੀ ਪ੍ਰਾਪਤੀ ਰਾਹੀਂ ਤਰੱਕੀ ਕਰੇ। ਸਮਾਰਟ ਪਿੰਡ ਮੁਹਿੰਮ ਤਹਿਤ ਕੀਤੇ ਜਾਣ ਵਾਲੇ ਕੰਮਾਂ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ ਜਿਨ੍ਹਾਂ ਵਿੱਚ ਜ਼ਰੂਰੀ ਅਤੇ ਇੱਛੁਕ ਕੰਮ ਰੱਖੇ ਗਏ ਹਨ।

ਇਸ ਸਕੀਮ ਤਹਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਨਾਲ-ਨਾਲ ਸਬੰਧਤ ਵਿਭਾਗਾਂ ਤੋਂ ਕੰਮਾਂ ਦੇ ਪ੍ਰਸਤਾਵ ਡਿਪਟੀ ਕਮਿਸ਼ਨਰ ਵੱਲੋਂ ਹਾਸਲ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਕਮੇਟੀ ਵੱਲੋਂ 25 ਲੱਖ ਰੁਪਏ ਤੱਕ ਦੇ ਵਿਅਕਤੀਗਤ ਕਾਰਜਾਂ ਨੂੰ ਵਿਚਾਰਿਆ ਅਤੇ ਪ੍ਰਵਾਨਗੀ ਦਿੱਤੀ ਜਾਵੇਗੀ।