ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ : ਸੁਖਬੀਰ ਬਾਦਲ
ਅਕਾਲੀ ਦਲ ਵਲੋਂ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ
ਫ਼ਰੀਦਕੋਟ : ਕਿਸਾਨਾਂ ਦੀ ਕਰਜ਼-ਮੁਆਫ਼ੀ, ਕਿਸਾਨ ਖ਼ੁਦਕੁਸ਼ੀਆਂ, ਬਿਜਲੀ ਦੀ ਦਰਾਂ ਤੋਂ ਇਲਾਵਾ ਬੇਰੁਜ਼ਗਾਰੀ ਤੇ ਹੋਰ ਮੁੱਦਿਆਂ ਨੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨਾਂ ਦਾ ਦੌਰ ਸ਼ੁਰੂ ਕਰ ਦਿਤਾ ਹੈ। ਇਸੇ ਲੜੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਫ਼ਰੀਦਕੋਟ ਵਿੱਚ ਰੋਸ ਧਰਨਾ ਕੀਤਾ। ਇਸ ਮੌਕੇ ਅਕਾਲੀ ਦਲ ਦੀ ਲੋਕਲ ਲੀਡਰਸ਼ਿਪ ਤੋਂ ਇਲਾਵਾ ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਿੰਦਰ ਗਰੇਵਾਲ, ਮਨਤਾਰ ਬਰਾੜ ਨੇ ਸ਼ਿਰਕਤ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਤੋਂ ਆਮ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਉਠ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਨਤਾ ਨਾਲ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।
ਸਰਕਾਰ ਦੀਆਂ ਨਕਾਮੀਆਂ ਤੇ ਸੂਬੇ ਵਿਚਲੀਆਂ ਸਮੱਸਿਆਵਾਂ ਗਿਣਾਉਂਦਿਆਂ ਉਨਾਂ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਅੰਦਰ ਗ਼ੈਰ ਕਾਨੂੰਨੀ ਮਾਇਨਿੰਗ ਜ਼ੋਰਾਂ 'ਤੇ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰੇਤੇ ਦੀ ਜ਼ੋਰ-ਬਾਜ਼ਾਰੀ 'ਤੇ ਨਕੇਲ ਕੱਸਣ 'ਚ ਅਸਫ਼ਲ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਸੂਬੇ ਅੰਦਰ ਗ਼ੈਰ ਕਾਨੂੰਨੀ ਸ਼ਰਾਬ ਦੀ ਵਿਕਰੀ ਧੜੱਲੇ ਨਾਲ ਹੋ ਰਹੀ ਹੈ ਜਿਸ ਨੂੰ ਰੋਕਣ ਤੋਂ ਸਰਕਾਰ ਅਸਮਰੱਥ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ 'ਚ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਲੋਕਾਂ ਨਾਲ ਹਰ ਘਰ 'ਚ ਨੌਕਰੀ ਦੇਣ ਦਾ ਵਾਅਦਾ ਜ਼ੋਰ ਸ਼ੋਰ ਨਾਲ ਕੀਤਾ ਸੀ। ਉਨ੍ਹਾਂ ਕਿਹਾ ਸਰਕਾਰ ਨੇ ਇਹ ਵਾਅਦਾ ਵੀ ਪੂਰਾ ਨਹੀਂ ਕੀਤਾ। ਅੱਜ ਦੇ ਧਰਨੇ ਵਿਚ ਪਾਰਟੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਇਕੱਠ ਮੌਜੂਦ ਸੀ। ਧਰਨੇ ਵਾਲੀ ਥਾਂ ਦੇ ਪਿਛਲੇ ਪਾਸੇ ਅਕਾਲੀ-ਭਾਜਪਾ ਗਠਜੋੜ ਦੀ ਮਜਬੂਤੀ ਸਬੰਧੀ ਸੰਕੇਤ ਦਿੰਦੇ ਬੈਨਰ ਲੱਗੇ ਹੋਏ ਸਨ।
ਬਹਿਬਲ ਗੋਲੀ ਕਾਂਡ ਦੇ ਮੁੱਖ ਗਵਾਹ ਦੀ ਮੌਤ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਦੇ ਮੰਤਰੀ ਕੁਝ ਪੁਲਿਸ ਅਧਿਕਾਰੀਆਂ ਨੂੰ ਬਚਾਉਣ ਲਈ ਉਨ੍ਹਾਂ 'ਤੇ ਦਬਾਅ ਪਾ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਮੌਤ ਹੋਈ। ਬਹਿਬਲ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੇ ਪਰਵਾਰ ਬਾਰੇ ਉਨ੍ਹਾਂ ਨੇ ਕਿਹਾ ਕਿ ਅਕਾਲੀ ਹਮੇਸ਼ਾ ਉਨ੍ਹਾਂ ਦੇ ਨਾਲ ਹੈ ਤੇ ਉਨ੍ਹਾਂ ਨੂੰ ਇਨਸਾਫ ਦਵਾਉਣ ਲਈ ਧਰਨੇ ਲਾਉਣ ਪਏ ਜਾਂ ਹਾਈਕੋਰਟ ਤਕ ਜਾਣ ਨੂੰ ਤਿਆਰ ਹੈ।