ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਸ਼ੁਰੂ

ਏਜੰਸੀ

ਖ਼ਬਰਾਂ, ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਸ਼ੁਰੂ

image

ਗੁਰੂ ਕੇ ਮਹਿਲ ਵਿਖੇ ਅਖੰਡ ਪਾਠ ਸਾਹਿਬ ਆਰੰਭ, ਪ੍ਰਕਾਸ਼ ਅਸਥਾਨ ’ਤੇ ਕੀਤੀ ਸੁੰਦਰ ਦੀਪਮਾਲਾ ਤੇ ਫੁੱਲਾਂ ਦੀ ਸਜਾਵਟ

ਅੰਮ੍ਰਿਤਸਰ, 29 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ): ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥਕ ਰਵਾਇਤਾਂ ਅਨੁਸਾਰ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਮਗਰੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਹੋਈ। ਪਹਿਲੇ ਦਿਨ ਦੇ ਸਮਾਗਮਾਂ ਤਹਿਤ ਸੰਗਤਾਂ ਵਲੋਂ ਕੀਤੇ ਗਏ 20 ਹਜ਼ਾਰ ਸਹਿਜ ਪਾਠਾਂ ਦੇ ਭੋਗ ਪਾਏ ਗਏ। ਕੋਰੋਨਾ ਦੇ ਚਲਦਿਆਂ ਸਮਾਗਮ ਸੰਕੇਤਕ ਰੂਪ ਵਿਚ ਹੀ ਸਜਾਏ ਗਏ। ਕੁੱਝ ਸੰਗਤਾਂ ਨੇ ਸਹਿਜ ਪਾਠਾਂ ਦੇ ਭੋਗ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਮੂਲੀਅਤ ਕੀਤੀ, ਜਦਕਿ ਬਾਕੀ ਸੰਗਤਾਂ ਵੱਖ-ਵੱਖ ਚੈਨਲਾਂ ਦੇ ਮਾਧਿਅਮ ਰਾਹੀਂ ਸਹਿਜ ਪਾਠਾਂ ਦੇ ਭੋਗ ਨਾਲ ਜੁੜੀਆਂ। ਸਹਿਜ ਪਾਠ ਕਰਾਉਣ ਵਾਲੀਆਂ ਇਹ 20 ਹਜ਼ਾਰ ਦੇ ਕਰੀਬ ਸੰਗਤਾਂ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਹਨ।