Guava Garden Scam: ਵਿਜੀਲੈਂਸ ਨੇ ਹੁਣ ਸ਼ਿਕਾਇਤਕਾਰਤ ਹੀ ਕੀਤਾ ਤਲਬ, ਲਿਖੀ ਪੱਤਰ ਭੇਜਿਆ
ਅਮਰੂਦ ਬਾਗ ਘੁਟਾਲੇ ਦੇ ਮਾਮਲੇ ਵਿਚ ਸਮਾਜ ਸੇਵੀ ਸਤਨਾਮ ਸਿੰਘ ਦਾਊਂ ਨੂੰ ਅੱਜ ਵਿਜੀਲੈਂਸ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ
Guava Garden Scam: ਚੰਡੀਗੜ੍ਹ - ਬਹੁ-ਕਰੋੜੀ ਅਮਰੂਦ ਬਾਗ ਘੁਟਾਲਾ ਮਾਮਲੇ ਨੂੰ ਲੈ ਕੇ ਕਈ ਅਧਿਕਾਰੀ ਵਿਜੀਲੈਂਸ ਦੀ ਰਡਾਰ 'ਤੇ ਹਨ। ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ), ਬਾਗਬਾਨੀ ਤੇ ਰੈਵੇਨਿਊ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਮੁਹਾਲੀ ਵਿਚ ਹੋਏ ਬਹੁ-ਕਰੋੜੀ ਅਮਰੂਦ ਬਾਗ ਘੁਟਾਲੇ ਦਾ ਪਰਦਾਫਾਸ਼ ਕਰਨ ਵਾਲੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਖ਼ਿਲਾਫ਼ ਹੀ ਵਿਜੀਲੈਂਸ ਨੇ ਕਾਰਵਾਈ ਦੀ ਤਿਆਰੀ ਕੀਤੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਬਾਗ ਘੁਟਾਲੇ ਦੇ ਮਾਮਲੇ ਵਿਚ ਸਮਾਜ ਸੇਵੀ ਸਤਨਾਮ ਸਿੰਘ ਦਾਊਂ ਨੂੰ ਅੱਜ ਵਿਜੀਲੈਂਸ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਸਬੰਧੀ ਜਾਂਚ ਏਜੰਸੀ ਵੱਲੋਂ ਦਾਊਂ ਨੂੰ ਲਿਖਤੀ ਪੱਤਰ ਭੇਜਿਆ ਗਿਆ ਹੈ। ਅਮਰੂਦ ਬਾਗ ਘੁਟਾਲਾ ਜੱਗ ਜ਼ਾਹਰ ਕਰਨ ਵਿਚ ਉਕਤ ਆਗੂ ਪਹਿਲੇ ਨੰਬਰ 'ਤੇ ਸੀ।
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਸੀ ਅਤੇ ਵਿਜੀਲੈਂਸ ਵੱਲੋਂ ਮੁੱਢਲੀ ਪੜਤਾਲ ਤੋਂ ਬਾਅਦ ਪਰਚਾ ਦਰਜ ਕਰ ਕੇ ਹੁਣ ਤੱਕ ਵੱਖ-ਵੱਖ ਵਿਭਾਗਾਂ ਦੇ ਕਰੀਬ ਦੋ ਦਰਜਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅਮਰੂਦ ਬਾਗ ਘੁਟਾਲੇ ਦੇ ਸ਼ਿਕਾਇਤਕਰਤਾ ਸਤਨਾਮ ਸਿੰਘ ਦਾਊਂ ਨੇ ਖ਼ਦਸ਼ਾ ਪ੍ਰਗਟ ਕੀਤਾ ਹੈ ਕਿ ਪੱਤਰਕਾਰ ਰਜਿੰਦਰ ਸਿੰਘ ਤੱਗੜ ਵਾਂਗ ਵਿਜੀਲੈਂਸ ਉਨ੍ਹਾਂ ਨੂੰ ਝੂਠੇ ਮਾਮਲੇ ਵਿਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਨਾਮਜ਼ਦ ਵਿਅਕਤੀਆਂ ਵੱਲੋਂ ਗਮਾਡਾ ਦੇ ਕਰੀਬ 45 ਕਰੋੜ ਰੁਪਏ ਵਿਆਜ਼ ਸਮੇਤ ਮੋੜੇ ਜਾਣ ਤੋਂ ਬਾਅਦ ਮੁੱਖ ਮੰਤਰੀ ਦਾ ਵੀ ਬਿਆਨ ਸਾਹਮਣੇ ਆਇਆ ਸੀ।