ਮੋਗਾ, 29 ਮਈ (ਦਵਿੰਦਰ ਸਿੰਘ ਔਲਖ): ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਮੈਂਬਰ ਐੱਸਜੀਪੀ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਕੁਝ ਦਿਨ ਪਹਿਲਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਵਿਰਾਜੇ ਸਨ। ਉਨ੍ਹਾਂ ਨਮਿੱਤ ਮੋਗਾ ਦੀ ਨਵੀਂ ਅਨਾਜ ਮੰਡੀ ਵਿਖੇ ਕਰਵਾਏ ਸ਼ਰਧਾਂਜਲੀ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਅਤੇ ਭਾਈ ਕਾਰਜ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਦਰਬਾਰ ਸਾਹਿਬ ਦੇ ਅਰਦਾਸੀਏ ਸਿੰਘ ਵਲੋਂ ਅੰਤਮ ਅਰਦਾਸ ਕੀਤੀ ਗਈ।
ਇਸ ਮੌਕੇ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਇਕ ਪੰਥਕ ਲੀਡਰ ਸਨ। ਸਿੱਖ ਕੌਮ ਦਾ ਇਕ ਪੰਥਕ ਆਗੂ ਸਦਾ ਲਈ ਵਿਛੜ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਹਮੇਸ਼ਾ ਸੱਚ ’ਤੇ ਪਹਿਰਾ ਦੇਣ ਵਾਲੇ ਇਨਸਾਨ ਸਨ। ਉਨ੍ਹਾਂ ਹਮੇਸ਼ਾ ਸੱਚੀ ਗੱਲ ਕੀਤੀ ਹੈ, ਜੋ ਪਾਰਟੀ ਦੇ ਹਿਤਾਂ ਲਈ ਹੁੰਦੀ ਸੀ। ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੇ ਸਦੀਵੀ ਵਿਛੋੜੇ ਨਾਲ ਇਕੱਲੇ ਪਰਵਾਰ ਨੂੰ ਘਾਟਾ ਹੀ ਨਹੀਂ ਪਿਆ, ਸਗੋਂ ਪੰਜਾਬ ਅਤੇ ਅਕਾਲੀ ਦਲ ਪਾਰਟੀ ਤੋਂ ਇਕ ਸੱਚਾ ਸਾਥੀ ਵਿਛੜ ਗਿਆ ਹੈ।
ਇਸ ਮੌਕੇ ਸਾਬਕਾ ਮੰਤਰੀ ਮਹੇਸਇੰਦਰ ਸਿੰਘ ਗਰੇਵਾਲ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ, ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਜਥੇਦਾਰ ਤੋਤਾ ਸਿੰਘ ਨੂੰ ਸੰਬੋਧਨ ਕੀਤਾ। ਇਸ ਮੌਕੇ ਪਹੁੰਚੀਆਂ ਸੰਗਤਾਂ ਦੇ ਵੱਖ-ਵੱਖ ਸਿਆਸੀ ਆਗੂਆਂ ਦਾ ਪਰਿਵਾਰ ਵੱਲੋਂ ਧੰਨਵਾਦ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ, ਜਸਵਿੰਦਰ ਸਿੰਘ ਬਰਾੜ, ਬਲਵਿੰਦਰ ਸਿੰਘ ਬਰਾੜ ਅਤੇ ਪਰਮਜੀਤ ਕੌਰ ਨੇ ਕਿਹਾ ਕਿ ਜਥੇਦਾਰ ਤੋਤਾ ਸਿੰਘ ਦੇ ਨਾਂ ’ਤੇ ਇਕ ਟਰੱਸਟ ਬਣਾਇਆ ਜਾਵੇਗਾ।
image