ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੋਵਿਡ ਪ੍ਰਭਾਵਿਤ ਬੱਚਿਆਂ ਨੂੰ ਸੌਂਪੇ PM ਕੇਅਰਜ਼ ਸਕੀਮ ਤਹਿਤ ਸਹਿਮਤੀ ਪੱਤਰ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

 18 ਸਾਲ ਦੀ ਉਮਰ ਹੋਣ 'ਤੇ ਇਨ੍ਹਾਂ ਬੱਚਿਆਂ ਨੂੰ ਮੁਫ਼ਤ ਸਿੱਖਿਆ ਤੋਂ ਇਲਾਵਾ 10 ਲੱਖ ਰੁਪਏ ਦਿੱਤੇ ਜਾਣਗੇ: ਡਾ: ਬਲਜੀਤ ਕੌਰ

Cabinet Minister Dr. Letter of Consent under PM Care Scheme handed over by Baljit Kaur to Kovid Affected Children

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕੋਵਿਡ ਕਾਰਨ ਅਨਾਥ ਹੋਏ ਪੰਜਾਬ ਦੇ 38 ਬੱਚਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਪ੍ਰਧਾਨ ਮੰਤਰੀ ਕੇਅਰਜ਼ ਸਕੀਮ ਦੇ ਸਹਿਮਤੀ ਪੱਤਰ ਸੌਂਪੇ। ਇਨ੍ਹਾਂ ਬੱਚਿਆਂ ਦੀ ਚੋਣ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰਧਾਨ ਮੰਤਰੀ ਕੇਅਰ ਸਕੀਮ ਲਈ ਕੀਤੀ ਗਈ ਸੀ, ਜਿਸ ਤਹਿਤ ਇਨ੍ਹਾਂ ਬੱਚਿਆਂ ਨੂੰ 18 ਸਾਲ ਦੀ ਉਮਰ ਹੋਣ 'ਤੇ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਇਸ ਸਕੀਮ ਤਹਿਤ ਸਰਕਾਰੀ ਸਕੂਲਾਂ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ, ਕੇਂਦਰੀ ਵਿਦਿਆਲਿਆ, ਪ੍ਰਾਈਵੇਟ ਸਕੂਲਾਂ ਵਿੱਚ ਮੁਫ਼ਤ ਸਿੱਖਿਆ ਦੇਣ ਦੇ ਨਾਲ-ਨਾਲ ਕਿਤਾਬਾਂ ਅਤੇ ਵਰਦੀ ਦਾ ਖਰਚਾ ਵੀ ਦਿੱਤਾ ਜਾਵੇਗਾ। 

ਇਹ ਸਮਾਗਮ ਅੱਜ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਰਾਜਧਾਨੀਆਂ ਅਤੇ ਜ਼ਿਲ੍ਹਾ ਪੱਧਰ ‘ਤੇ ਆਯੋਜਿਤ ਕੀਤਾ ਗਿਆ। ਪੰਜਾਬ ਰਾਜ ਵਿੱਚ ਇਹ ਆਯੋਜਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਹਨਾਂ ਦੱਸਿਆ ਕਿ ਇਸ ਦੁੱਖ ਦੀ ਘੜੀ ਵਿੱਚ ਇਨ੍ਹਾਂ ਬੱਚਿਆਂ ਨੂੰ 50 ਹਜ਼ਾਰ ਰੁਪਏ ਦੀ ਐਕਸ ਗ੍ਰੇਸ਼ੀਆ ਵੀ ਦਿੱਤੀ ਜਾਵੇਗੀ, ਜਦਕਿ 18 ਸਾਲ ਤੱਕ ਦੀ ਉਮਰ ਤੱਕ ਪ੍ਰਤੀ ਬੱਚਾ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਲਾਭ, 23 ਸਾਲ ਦੀ ਉਮਰ ਤੱਕ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ ਜਾਵੇਗਾ। ਉਹਨਾਂ ਅੱਗੇ ਕਿਹਾ "ਭਾਰਤ ਵਿੱਚ ਉਚੇਰੀ ਸਿੱਖਿਆ ਜਾਰੀ ਰੱਖਣ ਲਈ ਬੱਚਿਆਂ ਨੂੰ ਵਿਦਿਅਕ ਕਰਜ਼ਾ ਵੀ ਪ੍ਰਦਾਨ ਕੀਤਾ ਜਾਵੇਗਾ ਅਤੇ ਇਸ ਕਰਜ਼ੇ ਦਾ ਵਿਆਜ ਪ੍ਰਧਾਨ ਮੰਤਰੀ ਕੇਅਰਜ਼ ਜ਼ਰੀਏ ਅਦਾ ਕੀਤਾ ਜਾਵੇਗਾ।"

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਇਨ੍ਹਾਂ ਬੱਚਿਆਂ ਨੂੰ ਸਰਕਾਰੀ ਅਦਾਰਿਆਂ ਵਿੱਚ ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਪ੍ਰਦਾਨ ਕਰ ਰਹੀ ਹੈ, ਇਸ ਤੋਂ ਇਲਾਵਾ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਮਦਨ ਜਾਂ ਹੋਰ ਯੋਗਤਾ ਦੇ ਮਾਪਦੰਡਾਂ ਦੀ ਪਰਵਾਹ ਕੀਤੇ ਬਿਨਾਂ ਤੁਰੰਤ ਸਮਾਜਿਕ ਸੁਰੱਖਿਆ ਪੈਨਸ਼ਨ ਦੇ ਘੇਰੇ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਦੀ ਉਮਰ 18 ਸਾਲ ਦੀ ਹੋ ਜਾਣ ਉਪਰੰਤ ਉਨ੍ਹਾਂ ਦੇ ਵਿਆਹ ਸਮੇਂ ਆਸ਼ੀਰਵਾਦ ਸਕੀਮ ਦਾ ਲਾਭ ਦਿੱਤਾ ਜਾਵੇਗਾ।

“ਇਸ ਯੋਜਨਾ ਦੇ ਤਹਿਤ, ਪ੍ਰਤੀ ਲਾਭਪਾਤਰੀ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਰਾਜ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਰਾਜ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਲਾਭ ਉਨ੍ਹਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਵੀ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾ ਰਹੀ ਹੈ।"

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਮੋਹਾਲੀ ਅਮਨਿੰਦਰ ਕੌਰ ਬਰਾੜ, ਜੁਆਇੰਟ ਡਾਇਰੈਟਰ ਗੁਰਜਿੰਦਰ ਸਿੰਘ ਮੌੜ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਪ੍ਰੀਤ ਕੌਰ ਹਾਜ਼ਰ ਸਨ।