ਤੰਦਰੁਸਤ ਪੰਜਾਬ ਤਹਿਤ ਹੁਣ ਤਕ 25 ਮੈਡੀਕਲ ਸਟੋਰਾਂ ਦੀ ਜਾਂਚ: ਏ.ਡੀ.ਸੀ.

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਿਥੇ ਵੱਖ-ਵੱਖ ਵਿਭਾਗਾਂ ਵਲੋਂ ਸਿਹਤਮੰਦ ਰਹਿਣ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ........

Deputy Commissioner Anupam Kler

ਹੁਸ਼ਿਆਰਪੁਰ : 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਿਥੇ ਵੱਖ-ਵੱਖ ਵਿਭਾਗਾਂ ਵਲੋਂ ਸਿਹਤਮੰਦ ਰਹਿਣ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ 'ਤੇ ਛਾਪੇਮਾਰੀ ਕਰ ਕੇ 57 ਸੈਂਪਲ ਭਰੇ ਗਏ ਹਨ। ਇਸ ਤੋਂ ਇਲਾਵਾ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕਰ ਕੇ ਬਿਨਾਂ ਡਰੱਗ ਲਾਇਸੰਸ ਦੇ ਦੁਕਾਨਾਂ ਚਲਾਉਣ ਵਾਲੇ 2 ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਇਲਾਵਾ 25 ਮੈਡੀਕਲ ਸਟੋਰਾਂ ਦੀ ਜਾਂਚ ਵੀ ਕੀਤੀ ਗਈ ਹੈ। 

ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਨੇ ਦਸਿਆ ਕਿ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਰੇਨੂ ਸੂਦ ਦੀ ਅਗਵਾਈ ਹੇਠ ਖਾਣ-ਪੀਣ ਵਾਲੀਆਂ ਵਸਤੂਆਂ ਦੀ ਮਿਲਾਵਟ ਨੂੰ ਰੋਕਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੇਵਾ ਸਿੰਘ ਅਧੀਨ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ, ਇਸ ਟੀਮ ਵਲੋਂ ਹੁਣ ਤਕ ਦੁਧ, ਪਨੀਰ, ਦੇਸੀ ਘਿਓ, ਫ਼ਲ, ਦੁਧ ਤੋਂ ਬਣੀਆਂ ਵਸਤਾਂ ਦੇ 57 ਸੈਂਪਲ ਭਰੇ ਗਏ ਹਨ ਅਤੇ ਸੈਂਪਲ ਲੈਣ ਤੋਂ ਬਾਅਦ ਖਰੜ ਸਥਿਤ ਸਰਕਾਰੀ ਲੈਬਾਰਟਰੀ ਵਿਚ ਜਾਂਚ ਲਈ ਭੇਜ ਦਿਤੇ ਗਏ ਹਨ।

 ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਫ਼ੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਇਸੇ ਤਰ੍ਹਾਂ ਜ਼ੋਨਲ ਲਾਈਸੈਂਸਿੰਗ ਅਥਾਰਟੀ (ਡਰੱਗਜ਼), ਫ਼ੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ ਹੁਸ਼ਿਆਰਪੁਰ ਜ਼ੋਨ ਰਾਜੇਸ਼ ਸੂਰੀ ਦੀ ਅਗਵਾਈ ਹੇਠ ਵੀ ਜ਼ਿਲ੍ਹੇ ਵਿੱਚ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਡਰੱਗਜ਼ ਤੇ ਕਾਸਮੈਟਿਕ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। 

ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਇਸੇ ਤਰ੍ਹਾਂ ਸਿਹਤ ਵਿਭਾਗ ਵਲੋਂ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਦਸਿਆ ਕਿ ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਸਿਹਤ ਵਿਭਾਗ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਫ਼ਤਹਿਗੜ੍ਹ (ਹੁਸ਼ਿਆਰਪੁਰ) ਵਿਖੇ ਮੈਡੀਕਲ ਚੈਕਅਪ ਕੈਂਪ ਤੋਂ ਇਲਾਵਾ ਯੋਗ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿਤੀ ਗਈ ਹੈ।