ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫੇ ਜ਼ਬਤ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਐਕਸੀਅਨ ਅਸ਼ੋਕ ਗਰਗ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ ਨੇ.......
ਹੁਸ਼ਿਆਰਪੁਰ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਐਕਸੀਅਨ ਅਸ਼ੋਕ ਗਰਗ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਟੀਮ ਨੇ ਜ਼ਿਲ੍ਹਾ ਮੰਡੀ ਅਫ਼ਸਰ ਨਾਲ ਮਿਲ ਕੇ ਸਬਜ਼ੀ ਮੰਡੀ ਹੁਸ਼ਿਆਰਪੁਰ ਵਿਖੇ ਸਬਜ਼ੀ ਵੇਚਣ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਕੀਤੀ ਅਤੇ 15 ਕਿਲੋ ਦੇ ਕਰੀਬ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸੀਅਨ ਅਸ਼ੋਕ ਗਰਗ ਨੇ ਦਸਿਆ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹੇ ਵਿਚ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ।
ਟੀਮ ਵਲੋਂ ਜਿਥੇ ਜ਼ਿਲ੍ਹੇ ਦੇ ਹਸਪਤਾਲਾਂ ਵਿਚ ਚੈਕਿੰਗ ਕਰਕੇ ਬਾਇਓ ਮੈਡੀਕਲ ਵੇਸਟ ਨੂੰ ਰੋਜ਼ਾਨਾ ਹਟਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਉਥੇ ਪਲਾਸਟਿਕ ਦੇ ਲਿਫ਼ਾਫਿਆਂ ਦਾ ਪ੍ਰਯੋਗ ਕਰਨ ਵਾਲੇ ਦੁਕਾਨਦਾਰਾਂ ਖਿਲਾਫ਼ ਨਿਯਮਾਂ ਅਧੀਨ ਕਾਰਵਾਈ ਚਲਾਈ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਸਬਜ਼ੀ ਮੰਡੀ ਵਿਖੇ ਕੀਤੀ ਗਈ ਚੈਕਿੰਗ ਦੌਰਾਨ 15 ਕਿਲੋ ਦੇ ਕਰੀਬ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਕੀਤੇ ਗਏ ਹਨ ਤੇ ਦੁਕਾਨਦਾਰਾਂ ਅਤੇ ਰੇਹੜੀ ਚਾਲਕਾਂ ਨੂੰ ਬਨਸਪਤੀ ਤੋਂ ਬਣੇ ਗਲਣਸ਼ੀਲ ਲਿਫਾਫਿਆਂ ਦਾ ਪ੍ਰਯੋਗ ਕਰਨ ਸਬੰਧੀ ਹਦਾਇਤਾਂ ਦਿਤੀਆਂ ਗਈਆਂ ਹਨ।