ਤੇਲ ਕੀਮਤਾਂ ਖਿਲਾਫ਼ ਫੁਟਿਆ ਗੁੱਸਾ : ਸੜਕਾਂ 'ਤੇ ਉਤਰੀਆਂ ਕਿਸਾਨ ਜਥੇਬੰਦੀਆਂ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਟਰੌਲ ਪੰਪਾਂ ਸਾਹਮਣੇ ਕੇਂਦਰ ਸਰਕਾਰ ਵਿਰੁਧ ਰੋਸ-ਮੁਜ਼ਾਹਰੇ

price hike

ਚੰਡੀਗੜ੍ਹ : ਲੌਕਡਾਊਨ ਦੇ ਝੰਬੇ ਲੋਕਾਂ 'ਤੇ ਤੇਲ ਕੀਮਤਾਂ ਦੇ ਪਏ ਭਾਰੀ ਭਰਕਮ ਬੋਝ ਨੇ ਅਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿਤਾ ਹੈ। ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਜਿਸ ਤਰ੍ਹਾਂ ਕੇਂਦਰ ਸਰਕਾਰ ਤੇਲ ਕੀਮਤਾਂ 'ਚ ਲਗਾਤਾਰ ਵਾਧਾ ਕਰ ਰਹੀ ਹੈ, ਉਸਨੂੰ ਲੈ ਕੇ ਕੁੱਝ ਜਥੇਬੰਦੀਆਂ ਦੇ ਝੰਡੇ ਹੇਠ ਲੋਕ ਸੜਕਾਂ 'ਤੇ ਉਤਰਨੇ ਸ਼ੁਰੂ ਹੋ ਗਏ ਹਨ। ਇਸੇ ਤਹਿਤ ਅੱਜ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਪੰਜਾਬ ਇਕਾਈ 'ਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵਲੋਂ ਤੇਲ ਦੀਆਂ ਕੀਮਤਾਂ ਦੇ ਵਾਧੇ ਦੇ ਰੋਸ ਵਜੋਂ ਪੰਜਾਬ ਭਰ 'ਚ ਤੇਲ-ਪੰਪਾਂ ਸਾਹਮਣੇ ਕੇਂਦਰ ਸਰਕਾਰ ਵਿਰੁਧ ਰੋਸ-ਮੁਜ਼ਾਹਰੇ ਕੀਤੇ ਗਏ।

ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦਸਿਆ ਕਿ ਪੰਜਾਬ ਭਰ 'ਚ ਕਰੀਬ 200 ਥਾਵਾਂ 'ਤੇ ਹੋਏ ਮੁਜ਼ਾਹਰੇ ਕੀਤੇ ਗਏ। ਮੁਜ਼ਾਹਰਿਆਂ ਦੌਰਾਨ ਕਿਸਾਨ ਨੇ ਕਿਹਾ ਕਿ ਪਿਛਲੇ 22 ਦਿਨਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੀਆਂ ਸਭਾ ਹੱਦਾਂ ਬੰਨ੍ਹੇ ਪਾਰ ਕਰ ਦਿਤੀਆਂ ਹਨ, ਜਦਕਿ ਕੌਮਾਂਤਰੀ ਮੰਡੀ 'ਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਮੁਲਕ 'ਚ ਪਟਰੌਲ-ਡੀਜ਼ਲ ਦੀਆਂ ਕੀਮਤਾਂ 'ਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ।

ਝੋਨੇ ਦੀ ਲਵਾਈ ਮੌਕੇ ਜਦੋਂ ਕਿਸਾਨਾਂ ਨੂੰ ਡੀਜ਼ਲ ਦੀ ਬਹੁਤ ਲੋੜ ਹੈ, ਉਸ ਸਮੇਂ ਕੀਮਤਾਂ ਦੇ ਵਾਧੇ ਨੇ ਕਿਸਾਨੀ ਨੂੰ ਹੋਰ ਲੁੱਟਿਆ ਹੈ।  ਕੇਂਦਰ ਸਰਕਾਰ 'ਤੇ ਕਿਸਾਨੀ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਆਗੂਆਂ ਨੇ ਕਿਹਾ ਕਿ ਕੀਮਤਾਂ ਦਾ ਵਧਣਾ-ਘਟਣਾ ਹਾਕਮ ਜਮਾਤਾਂ ਦੇ ਹੱਥਾਂ ਦੀ ਖ਼ੇਡ ਹੈ।

ਨਿਜੀਕਰਨ ਦੀਆਂ ਨੀਤੀਆਂ ਤਹਿਤ ਕੰਟਰੋਲ ਮੁਕਤ ਕੀਤੀਆਂ ਪਟਰੌਲ ਕੀਮਤਾਂ ਦਿਨੋ-ਦਿਨ ਆਮ ਜਨਤਾ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ। ਸਰਕਾਰ ਦੀਆਂ ਨੀਤੀਆਂ ਤਹਿਤ ਹੀ ਹਰੇਕ ਤਬਕਾ ਮਹਿੰਗਾਈ ਤੇ ਲੁੱਟ ਦਾ ਸ਼ਿਕਾਰ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਪਟਰੌਲ ਕੀਮਤਾਂ ਅਤੇ ਮਹਿੰਗਾਈ ਦੇ ਨਾਂ 'ਤੇ ਲੋਕਾਂ ਤੋਂ ਵੋਟਾਂ ਮੰਗਣ ਵਾਲੇ ਨਰਿੰਦਰ ਮੋਦੀ ਹੁਣ ਖ਼ੁਦ ਕੀਮਤਾਂ ਦੇ ਵਾਧੇ ਦਾ ਅਲੰਬਰਦਾਰ ਹੈ ਤੇ ਇਸ ਵਾਧੇ ਨੂੰ ਵਿਕਾਸ ਦੀ ਚਾਲ ਵਜੋਂ ਪ੍ਰਚਾਰਿਆ ਜਾ ਰਿਹਾ ਹੈ। ਜਥੇਬੰਦੀਆਂ ਵਲੋਂ ਪਟਰੌਲ-ਡੀਜ਼ਲ ਦੀਆਂ ਕੀਮਤਾਂ ਨੂੰ ਸਰਕਾਰੀ ਕੰਟਰੋਲ 'ਚ ਲਿਆਉਣ, ਦੇਸ਼ੀ-ਵਿਦੇਸ਼ੀ ਕੰਪਨੀਆਂ ਦੇ ਮੁਨਾਫ਼ੇ 'ਤੇ ਨੱਥ ਪਾਉਣ ਦੀ ਮੰਗ ਕੀਤੀ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।