ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦਿਹਾਂਤ 'ਤੇ ਸੀਨੀਅਰ ਆਗੂਆਂ ਨੇ ਜਤਾਇਆ ਦੁੱਖ
ਬੀਰ ਦਵਿੰਦਰ ਸਿੰਘ ਨੇ 73 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ 73 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪੀ.ਜੀ.ਆਈ. ਚੰਡੀਗੜ੍ਹ 'ਚ ਅੱਜ ਸਵੇਰੇ 11 ਵਜੇ ਆਖ਼ਰੀ ਸਾਹ ਲਿਆ। ਦਸਿਆ ਜਾ ਰਿਹਾ ਹੈ ਕਿ ਉਹ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਬੀਰ ਦਵਿੰਦਰ ਸਿੰਘ ਦੇ ਫੂਡ ਪਾਈਪ ਵਿਚ ਕੈਂਸਰ ਡਿਟੈਕਟ ਹੋਇਆ ਸੀ। ਮਿਲੀ ਜਾਣਕਾਰੀ ਅਨੁਸਾਰ ਬੀਰ ਦਵਿੰਦਰ ਸਿੰਘ ਦਾ ਅੰਤਮ ਸਸਕਾਰ ਪਟਿਆਲਾ ਵਿਖੇ ਹੀ ਹੋਵੇਗਾ। ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਪੰਜਾਬ ਦੀ ਵਿਧਾਨ ਸਭਾ ਵਿਚ 2003 ਤੋਂ 2004 ਤਕ ਡਿਪਟੀ ਸਪੀਕਰ ਵੀ ਰਹੇ। ਉਹਨਾਂ ਦੇ ਦਿਹਾਂਤ 'ਤੇ ਕਈ ਸੀਨੀਅਰ ਆਗੂਆਂ ਨੇ ਸੋਗ ਜਤਾਇਆ ਹੈ।
ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦਿਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਇਆ ਦੁੱਖ
ਪੰਜਾਬ ਦੇ ਸੂਝਵਾਨ ਆਗੂ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਸ. ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ। ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।
ਰਾਜਾ ਵੜਿੰਗ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦਿਹਾਂਤ 'ਤੇ ਜਤਾਇਆ ਦੁੱਖ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਗ ਜਤਾਉਂਦਿਆਂ ਕਿਹਾ ਕਿ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪੰਜਾਬ ਬਾਰੇ ਆਪਣੀ ਡੂੰਘੀ ਜਾਣਕਾਰੀ, ਅਪਣੀ ਨਿਮਰਤਾ ਅਤੇ ਨਿਰਸਵਾਰਥ ਸੇਵਾ ਲਈ ਮਸ਼ਹੂਰ ਸਨ। ਮੈਂ ਦੁਖੀ ਪ੍ਰਵਾਰ ਦੇ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦਿਹਾਂਤ 'ਤੇ ਸੁਖਜਿੰਦਰ ਰੰਧਾਵਾ ਨੇ ਪ੍ਰਗਟਾਇਆ ਦੁੱਖ
ਸੁਖਜਿੰਦਰ ਰੰਧਾਵਾ ਨੇ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੇਰੀ ਡੂੰਘੀ ਸੰਵੇਦਨਾ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਦੁੱਖ ਦਾਈ ਖਬਰ -: ਸਿੱਖ ਚਿੰਤਕ ਤੇ ਵਿਦਵਾਨ ਰਾਜਸੀ ਆਗੂ ਸ. ਬੀਰਦਵਿੰਦਰ ਸਿੰਘ ਜੀ ਅਕਾਲ ਚਲਾਣਾ ਕਰ ਗਏ ਹਨ। ਅਕਾਲ ਪੁਰਖ ਉਨ੍ਹਾਂ ਨੂੰ ਅਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰੇ।
ਪੰਜਾਬ ਕਾਂਗਰਸ ਨੇ ਟਵੀਟ ਕਰਦਿਆਂ ਕਿਹਾ ਕਿ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਪੰਜਾਬ ਕਾਂਗਰਸ ਉਹਨਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।