ਤੁਹਾਡੀਆਂ ਧਮਕੀਆਂ ਮੈਨੂੰ ਪੰਜਾਬ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ ਤੋਂ ਨਹੀਂ ਰੋਕ ਸਕਦੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਦੇਸ਼ ਵਿਰੋਧੀ ਤਾਕਤਾਂ ਤੋਂ ਭਾਰਤ ਦੀ ਸੁਰੱਖਿਆ ਲਈ ਕਾਨੂੰਨ ਅਨੁਸਾਰ ਸੱਭ ਲੋੜੀਂਦੇ ਕਦਮ ਚੁੱਕਾਂਗੇ, ਕੈਪਟਨ ਦੀ ਸੁਖਬੀਰ ਬਾਦਲ ਨੂੰ ਵੰਗਾਰ

Capt Amrinder Singh

ਚੰਡੀਗੜ੍ਹ, 29 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਗ਼ੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਕੀਤੀਆਂ ਗਈਆਂ ਹਾਲੀਆਂ ਗ੍ਰਿਫ਼ਤਾਰੀਆਂ ਉਤੇ ਸੁਖਬੀਰ ਸਿੰਘ ਬਾਦਲ ਵਲੋਂ ਦਿਤੀ ਗਈ ਅਖੌਤੀ ਧਮਕੀ ਉਤੇ ਕਰੜੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ ਕਿਹਾ ਕਿ ਉਹ ਪੰਜਾਬ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਕਾਨੂੰਨ ਅਨੁਸਾਰ ਸੱਭ ਢੁੱਕਵੇਂ ਚੁੱਕਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦੀਆਂ ਧਮਕੀਆਂ ਉਨ੍ਹਾਂ ਨੂੰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਰਾਹ ਤੋਂ ਹਟਾ ਨਹੀਂ ਸਕਦੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਦਾਅਵੇ ਅਨੁਸਾਰ ਯੂ.ਏ.ਪੀ.ਏ. ਤਹਿਤ ਪੰਜਾਬ ਪੁਲਿਸ ਵਲੋਂ ਗ਼ਲਤ ਢੰਗ ਨਾਲ ਗ੍ਰਿਫ਼ਤਾਰ ਕਰਨ ਜਾਂ ਮਾਮਲਾ ਦਰਜ ਸਬੰਧੀ ਕੋਈ ਵਿਸ਼ੇਸ਼ ਕੇਸ ਉਨ੍ਹਾਂ ਦੇ ਧਿਆਨ ਵਿਚ ਹੈ ਤਾਂ ਅਕਾਲੀ ਦਲ ਪ੍ਰਧਾਨ ਬੇਲੋੜੀ ਬਿਆਨਬਾਜ਼ੀ ਦੀ ਥਾਂ ਉਨ੍ਹਾਂ ਨੂੰ ਇਸ ਦੀ ਸੂਚੀ ਭੇਜ ਸਕਦੇ ਹਨ।

ਉਨ੍ਹਾਂ ਸਾਫ਼ ਕੀਤਾ ਕਿ ਕਿਸੇ ਉਤੇ ਵੀ ਝੂਠਾ ਮਾਮਲਾ ਦਰਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬੀ ਨੌਜਵਾਨਾਂ ਖਾਸ ਕਰ ਕੇ ਸਿੱਖਾਂ ਨੂੰ ਪੰਜਾਬ ਪੁਲਿਸ ਵਿਰੁਧ ਭੜਕਾ ਕੇ ਵੱਖਵਾਦੀ ਤਾਕਤਾਂ ਦਾ ਹੱਥ ਠੋਕਾ ਬਣਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਯੂ.ਏ.ਪੀ.ਏ. ਕਾਫ਼ੀ ਸਮਾਂ ਪਹਿਲਾ ਤੋਂ ਹੀ ਵਜੂਦ ਵਿਚ ਹੈ ਅਤੇ ਸੁਖਬੀਰ ਸਿੰਘ ਬਾਦਲ ਨੂੰ ਇਹ ਧਿਆਨ ਵਿਚ ਰਖਣਾ ਚਾਹੀਦਾ ਹੈ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਐਕਟ ਤਹਿਤ ਪੰਜਾਬ ਵਿਚ 60 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ

ਜਿਨ੍ਹਾਂ ਵਿਚੋਂ 2010 ਵਿਚ 19 ਅਤੇ 2017 ਵਿਚ 12 ਮਾਮਲੇ ਸਨ। ਇਨ੍ਹਾਂ ਮਾਮਲਿਆਂ ਵਿਚ ਗ੍ਰਿਫ਼ਤਾਰ ਕੀਤੇ 225 ਵਿਅਕਤੀਆਂ ਵਿਚੋਂ 120 ਨੂੰ ਬਰੀ ਕਰ ਦਿਤਾ ਗਿਆ ਜੋ ਇਸ ਗੱਲ ਦਾ ਸਾਫ਼ ਸੰਕੇਤ ਹੈ ਕਿ ਇਹ ਅਕਾਲੀ ਹਕੂਮਤ ਦੌਰਾਨ ਹੀ ਇਸ ਐਕਟ ਦੀ ਅੰਨ੍ਹੇਵਾਹ ਦੁਰਵਰਤੋਂ ਕੀਤੀ ਗਈ ਸੀ। ਪੰਜਾਬ ਪੁਲਿਸ ਖਾਸ ਕਰ ਕੇ ਡੀ.ਜੀ.ਪੀ. ਜਿਨ੍ਹਾਂ ਦੀ ਧਰਮ ਨਿਰਪੱਖਤਾ ਅਤੇ ਅਪਣੇ ਫ਼ਰਜ਼ ਪ੍ਰਤੀ ਸਮਰਪਣ ਉਤੇ ਉਂਗਲੀ ਨਹੀਂ ਚੁੱਕੀ ਜਾ ਸਕਦੀ, ਵਿਰੁਧ ਸਿਆਸਤ ਤੋਂ ਪ੍ਰੇਰਤ ਗੁਮਰਾਹਕੁਨ ਪ੍ਰਚਾਰ ਰਾਹੀਂ ਪੰਜਾਬ ਦੇ ਹਿਤਾਂ ਨਾਲ ਸਮਝੌਤਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਕਰੜੇ ਹੱਥੀਂ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ

ਕਿ ਇਕ ਅਜਿਹੀ ਪਾਰਟੀ ਜੋ ਕਿ ਸਿੱਖੀ ਦੀ ਅਲੰਬਰਦਾਰ ਹੋਣ ਦਾ ਦਾਅਵਾ ਕਰਦੀ ਹੈ, ਦੇ ਪ੍ਰਧਾਨ ਹੋਣ ਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਵੱਖਵਾਦੀ ਅਤੇ ਦਹਿਸ਼ਤਗਰਦੀ ਤੱਤਾਂ ਵਿਰੁਧ ਵਿੱਢੀ ਗਈ ਮੁਹਿੰਮ ਦੀ ਵਿਰੋਧਤਾ ਕਰ ਕੇ ਸਿੱਖਾਂ ਵਿੱਚ ਫਿਰਕੂ ਵੰਡੀਆਂ ਪਾਉਣ ਦਾ ਕੋਝਾ ਯਤਨ ਕਰ ਰਹੇ ਹਨ। ਉਨ੍ਹਾਂ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਖਾਲਿਸਤਾਨੀ ਏਜੰਡੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕੁਝ ਅਜਿਹੀਆਂ ਤਾਕਤਾਂ ਹਨ ਜੋ ਵੱਖਵਾਦੀ ਵਿਚਾਰਧਾਰਾ ਨੂੰ ਉਤਸ਼ਾਹਤ ਕਰ ਕੇ ਦੇਸ਼ ਵਿਚ ਗੜਬੜੀ ਪੈਦਾ ਕਰਨਾ ਚਾਹੁੰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਐਸ.ਐਫ.ਜੇ. ਨੂੰ ਭਾਰਤ ਸਰਕਾਰ ਵਲੋਂ ਗੈਰ-ਕਾਨੂੰਨੀ ਸੰਸਥਾ ਐਲਾਨਿਆ ਜਾ ਚੁੱਕਾ ਹੈ ਅਤੇ ਇਸ ਦੇ ਮੁਖੀ ਗੁਰਪਤਵੰਤ ਪੰਨੂੰ ਨੂੰ ਅਤਿਵਾਦੀ ਘੋਸ਼ਿਤ ਕੀਤਾ ਗਿਆ ਹੈ। ਇਸ ਨਾਲ ਪੰਜਾਬ ਸਮੇਤ ਸਾਰੇ ਸੂਬਿਆਂ ਦੀ ਪੁਲਿਸ ਫੋਰਸ ਕੌਮੀ ਸੁਰੱਖਿਆ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁਧ ਹਰ ਕਾਨੂੰਨੀ ਕਦਮ ਚੁੱਕਣ ਲਈ ਪਾਬੰਦ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਦੁਨੀਆਂ ਭਰ ਦੇ ਮੁਲਕ ਐਸ.ਐਫ.ਜੇ. ਦੇ ਖਾਲਿਸਤਾਨੀ ਪੱਖੀ ਏਜੰਡੇ ਨੂੰ ਰੱਦ ਕਰ ਰਹੇ ਹਨ ਤਾਂ ਉਸ ਵੇਲੇ ਸੁਖਬੀਰ ਵਲੋਂ ਅਪਣੇ ਸੂਬੇ ਦੀ ਪੁਲਿਸ 'ਤੇ ਹੀ ਨਿਸ਼ਾਨਾ ਸਾਧ ਕੇ ਅਸਲ ਮਾਅਨਿਆਂ 'ਚ ਇਸ ਦੀ ਹਮਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਿਸ ਨੇ ਵੱਖਵਾਦੀਆਂ ਦੀਆਂ ਧਮਕੀਆਂ ਦਾ ਸਾਹਮਣਾ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਮਾਰਚ 2017 ਤੋਂ 30 ਅਤਿਵਾਦੀ ਗਰੋਹਾਂ ਦਾ ਪਰਦਾਫਾਸ਼ ਕੀਤਾ ਅਤੇ 170 ਅਤਿਵਾਦੀ ਗ੍ਰਿਫ਼ਤਾਰ ਕੀਤੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਪੁਲਿਸ ਨੇ ਲਗਭਗ 85 ਅਤਿ ਆਧੁਨਿਕ ਰਾਈਫਲਜ਼/ਪਿਸਤੌਲ ਸਮੇਤ ਏ.ਕੇ-47 ਅਤੇ ਐਮ.ਪੀ.-9/ਐਮ.ਪੀ.-5 ਰਾਈਫਲਜ਼, ਚੀਨ ਦੇ ਬਣੇ ਤਿੰਨ ਸ਼ਕਤੀਸ਼ਾਲੀ ਡਰੋਨ, 5 ਸੈਟੇਲਾਈਟ ਫੋਨ ਅਤੇ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਗਿਆ ਜੋ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਸੰਕੇਤ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਪੱਸ਼ਟ ਤੌਰ 'ਤੇ ਸੁਖਬੀਰ ਦੀ ਇਨ੍ਹਾਂ ਤੱਥਾਂ ਵਿਚ ਕੋਈ ਦਿਲਚਸਪੀ ਨਹੀਂ ਅਤੇ ਉਹ ਸਿਰਫ਼ ਤੇ ਸਿਰਫ਼ ਅਪਣੇ ਸੌੜੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਵਲ ਹੀ ਧਿਆਨ ਦਿੰਦਾ ਹੈ, ਭਾਵੇਂ ਇਸ ਦੀ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਕੋਈ ਵੀ ਕੀਮਤ ਚੁਕਾਉਣੀ ਪਵੇ।