ਕੈਪਟਨ ਵਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿਲ ਕੈਬਨਿਟ ਵਿਚ ਲਿਆਉਣ ਲਈ ਹਰੀ ਝੰਡੀ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਵਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿਲ ਕੈਬਨਿਟ ਵਿਚ ਲਿਆਉਣ ਲਈ ਹਰੀ ਝੰਡੀ

image


ਅਗਲੇ ਵਿਧਾਨ ਸਭਾ ਇਜਲਾਸ ਵਿਚ ਐਸ.ਸੀ. ਭਲਾਈ ਲਈ ਬਜਟ ਦੀ ਵਿਵਸਥਾ ਕਰਨ ਬਾਰੇ ਕਾਨੂੰਨ ਬਣਨ ਲਈ ਹੋਵੇਗਾ ਰਾਹ ਪੱਧਰਾ

ਚੰਡੀਗੜ੍ਹ, 29 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਮੁਤਾਬਕ ਸੂਬੇ ਦੇ ਸਾਲਾਨਾ ਬਜਟ ਵਿਚ ਵਿਵਸਥਾ ਕਰਨ ਲਈ ਇਤਿਹਾਸਕ ਕਦਮ ਚੁਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਬਨਿਟ ਵਿਚ ਨਵਾਂ ਬਿਲ ਲਿਆਉਣ ਲਈ ਹਰੀ ਝੰਡੀ ਦੇ ਦਿਤੀ ਹੈ ਜਿਸ ਨਾਲ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿਚ ਕਾਨੂੰਨ ਬਣਨ ਲਈ ਰਾਹ ਪੱਧਰਾ ਹੋ ਗਿਆ ਹੈ |
'ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੀ ਭਲਾਈ ਤੇ ਵਿਕਾਸ (ਵਿੱਤੀ ਵਸੀਲਿਆਂ ਦੀ ਯੋਜਨਾਬੰਦੀ, ਵਿਵਸਥਾ ਅਤੇ ਵਰਤੋਂ) ਉਪ-ਵੰਡ ਬਿਲ-2021' ਨਾਲ ਸਰਕਾਰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਅਤੇ ਇਸ ਨਾਲ ਜੁੜੇ ਮਾਮਲਿਆਂ ਨੂੰ  ਲਾਗੂ ਕੀਤੇ ਜਾਣ ਦੀ ਨਿਗਰਾਨੀ ਲਈ ਸੰਸਥਾਗਤ ਵਿਧੀ ਨੂੰ  ਅਮਲ ਵਿਚ ਲਿਆ ਸਕਣ ਦੇ ਸਮਰੱਥ ਹੋ ਜਾਵੇਗੀ | ਜਦੋਂ ਇਹ ਕਾਨੂੰਨ ਵਿਧਾਨ ਸਭਾ ਵਿਚ ਪਾਸ ਹੋ ਗਿਆ ਤਾਂ ਇਸ ਨਾਲ ਸੂਬਾ ਸਰਕਾਰ ਨੂੰ  ਅਨੁਸੂਚਿਤ ਜਾਤੀਆਂ ਉਪ-ਯੋਜਨਾ ਦੇ ਹੇਠ ਵੱਖ-ਵੱਖ ਭਲਾਈ ਸਕੀਮਾਂ ਨੂੰ  ਪ੍ਰਭਾਵਸ਼ਾਲੀ ਤਰੀਕੇ ਨਾਲ ਅਮਲ ਵਿਚ ਲਿਆ ਕੇ ਅਨੁਸੂਚਿਤ ਜਾਤੀਆਂ ਦੇ ਸਰਬਪੱਖੀ ਵਿਕਾਸ ਨੂੰ  ਯਕੀਨੀ ਬਣਾਉਣ ਲਈ ਮੰਚ ਮੁਹਈਆ ਕਰਵਾਏਗਾ | ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਵਸੋਂ, ਮੁਲਕ ਵਿਚ ਸੱਭ ਤੋਂ ਵੱਧ, 31.94 ਫ਼ੀ ਸਦੀ ਹੈ | ਸੂਬੇ ਵਿਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਸਮਾਜਕ-ਆਰਥਕ ਅਤੇ ਸਿਖਿਆ ਦੇ ਵਿਕਾਸ ਲਈ ਅਪਣੀ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ  ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿਲ ਇਸ ਭਾਈਚਾਰੇ ਦੀ ਭਲਾਈ ਨੂੰ  ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ  ਵੱਡਾ ਹੁਲਾਰਾ ਦੇਵੇਗਾ |