ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸ਼ਹੀਦੀ ਦਿਹਾੜੇ ਦੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਮੁਕੰਮਲ
ਲਾਲ ਕਿਲ੍ਹੇ ’ਤੇ ਤਿੰਨ ਦਿਨ ਚੱਲਣਗੇ ਸਮਾਗਮ: ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਵੱਲੋਂ ਅੱਜ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਵੰਬਰ ਮਹੀਨੇ ਦੇ ਅਖੀਰਲੇ ਹਫਤੇ ਵਿਚ ਹੋਣ ਵਾਲੇ ਸਮਾਗਮਾਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ੍ਰੀ ਕਪਿਲ ਮਿਸ਼ਰਾ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਰਾਜ ਸਭਾ ਐਮ ਪੀ ਸਰਦਾਰ ਵਿਕਰਮਜੀਤ ਸਿੰਘ ਸਾਹਨੀ, ਸਾਬਕਾ ਐਮ ਪੀ ਸਰਦਾਰ ਤਰਲੋਚਨ ਸਿੰਘ ਸਮੇਤ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ਼ਾਮਲ ਹੋਈਆਂ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਰੇਖਾ ਗੁਪਤਾ ਨੇ ਕਿਹਾ ਕਿ ਇਹ ਦਿੱਲੀ ਦੇ ਲੋਕਾਂ ਦਾ ਸੁਭਾਗ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਭਾਰਤ ਵਿਚ ਹਿੰਦੂ ਧਰਮ ਦੀ ਰਾਖੀ ਵਾਸਤੇ ਆਪਣੀ ਸ਼ਹਾਦਤ ਦਿੱਤੀ ਸੀ ਤੇ ਅੱਜ ਦਿੱਲੀ ਦੇ ਲੋਕ ਹੀ 350 ਸ਼ਹੀਦੀ ਦਿਹਾੜਾ ਮਨਾਉਣ ਦਾ ਸੁਭਾਗ ਪ੍ਰਾਪਤ ਕਰ ਰਹੇ ਹਨ। ਉਹਨਾਂ ਕਿਹਾ ਦਿੱਲੀ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦੋਂ ਦਿੱਲੀ ਸਰਕਾਰ ਨੂੰ ਇਹ ਦਿਹਾੜਾ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਹਨਾਂ ਕਿਹਾ ਕਿ ਪਹਿਲੀ ਵਾਰ ਅਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਜੋ ਦੁਨੀਆਂ ਭਰ ਵਿਚ ਰਹਿੰਦੇ ਸਮੇਂ ਤੱਕ ਯਾਦ ਰੱਖੇ ਜਾਣਗੇ।
ਇਸ ਮੌਕੇ ਕੈਬਨਿਟ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਸ੍ਰੀ ਕਪਿਲ ਮਿਸ਼ਰਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਅੰਤਿਮ ਸਸਕਾਰ ਦਿੱਲੀ ਵਿਚ ਹੋਇਆ ਸੀ ਤੇ ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਪੰਥਕ ਸੰਸਥਾਵਾਂ ਨਾਲ ਮਿਲ ਕੇ ਲਾਲ ਕਿਲ੍ਹੇ ’ਤੇ ਇਹ ਸਮਾਗਮ ਤਿੰਨ ਦਿਨ ਚੱਲੇਗਾ। ਉਹਨਾਂ ਦੱਸਿਆ ਕਿ ਸਮਾਗਮ ਆਪਣੇ ਵਿਚ ਯਾਦਗਾਰੀ ਹੋਵੇਗਾ, ਉਹ ਇਹ ਭਰੋਸਾ ਦੁਆਉਂਦੇ ਹਨ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਲਾਲ ਕਿਲ੍ਹੇ ਦੇ ਸਮਾਗਮਾਂ ਤੋਂ ਇਲਾਵਾ ਦਿੱਲੀ ਦੇ ਬਾਹਰੋਂ ਬਹੁਤ ਵੱਡੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਪਹੁੰਚਣਗੇ।
ਉਹਨਾਂ ਇਹ ਵੀ ਦੱਸਿਆ ਕਿ ਦਿੱਲੀ ਵਿਚ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਇਕ ਵਿਸ਼ੇਸ਼ ਜੰਗਲ ਵੀ ਤਿਆਰ ਕੀਤਾ ਜਾ ਰਿਹਾ ਹੈ ਅਤੇ ਸਿੰਘੂ ਬਾਰਡਰ ’ਤੇ ਸਥਿਤ ਯਾਦਗਾਰ ਦਾ ਨਵੀਨੀਕਰਨ ਕਰਦੇ ਹੋਏ, ਅਜਿਹੀ ਵਿਵਸਥਾ ਕੀਤੀ ਜਾਵੇਗੀ ਕਿ ਵਿਦਿਆਰਥੀ ਜਾ ਕੇ ਗੁਰੂ ਸਾਹਿਬ ਦੇ ਜੀਵਨ ਬਾਰੇ ਅਧਿਐਨ ਕਰ ਸਕਣ।
ਉਹਨਾਂ ਦੱਸਿਆ ਕਿ ਇਹਨਾਂ ਸਮਾਗਮਾਂ ਦੇ ਹਿੱਸੇ ਵਜੋਂ ਲਾਈਟ ਐਂਡ ਸਾਊਂਡ ਸ਼ੋਅ ਵੀ ਹੋਣਗੇ, ਕੀਰਤਨ ਸਮਾਗਮ ਹੋਣਗੇ, ਚਿੱਤਰ ਪ੍ਰਦਰਸ਼ਨੀਆਂ ਵੀ ਲੱਗਣਗੀਆਂ।
ਸਰਦਾਰ ਸਿਰਸਾ ਤੇ ਸ੍ਰੀ ਕਪਿਲ ਮਿਸ਼ਰਾ ਨੇ ਇਤਿਹਾਸਕ ਫੈਸਲਿਆਂ ਵਾਸਤੇ ਦਿੱਲੀ ਦੇ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ ਤੇ ਭਰੋਸਾ ਦੁਆਇਆ ਕਿ ਸਮੁੱਚੀਆਂ ਪੰਥਕ ਜਥੇਬੰਦੀਆਂ ਤੇ ਸੰਗਠਨ ਇਸ ਮਾਮਲੇ ਵਿਚ ਹਰ ਤਰੀਕੇ ਦਾ ਸਹਿਯੋਗ ਕਰਨਗੇ। ਉਹਨਾਂ ਦੱਸਿਆ ਕਿ ਦਿੱਲੀ ਸਰਕਾਰ ਵੱਲੋਂ ਕਲਾ ਤੇ ਸਭਿਆਚਾਰ ਮੰਤਰਾਲਾ ਜੋ ਕਿ ਸ੍ਰੀ ਕਪਿਲ ਮਿਸ਼ਰਾ ਦੇ ਅਧੀਨ ਹੈ, ਵੱਲੋਂ ਇਹ ਪ੍ਰੋਗਰਾਮ ਨੇਪਰੇ ਚੜ੍ਹਾਏ ਜਾਣਗੇ।
ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਸਮੇਤ ਸਮੁੱਚੀਆਂ ਪੰਥਕ ਜਥੇਬੰਦੀਆਂ ਇਹਨਾਂ ਪ੍ਰੋਗਰਾਮਾਂ ਵਾਸਤੇ ਵੱਧ ਚੜ੍ਹ ਕੇ ਯੋਗਦਾਨ ਪਾਉਣਗੀਆਂ। ਉਹਨਾਂ ਕਿਹਾ ਕਿ ਇਹ ਜੀਵਨ ਭਰ ਵਿਚ ਪਹਿਲੀ ਵਾਰ ਮਿਲਣ ਵਾਲਾ ਅਜਿਹਾ ਮੌਕਾ ਹੈ ਜਿਸਨੂੰ ਮਾਣ ਕਿ ਸਮੁੱਚੀ ਸੰਗਤ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਚਾਹੇਗੀ। ਉਹਨਾਂ ਕਿਹਾ ਕਿ ਅਸੀਂ ਦਿੱਲੀ ਸਰਕਾਰ ਦੇ ਦਿਲੋਂ ਧੰਨਵਾਦੀ ਹਾਂ ਜਿਹਨਾਂ ਵੱਲੋਂ ਇਸ ਉਪਰਾਲੇ ਵਿਚ ਪਹਿਲਕਦਮੀ ਕੀਤੀ ਜਾ ਰਹੀ ਹੈ ਤੇ ਦਿੱਲੀ ਵਿਚ ਵਿਧਾਨ ਸਭਾ ਦੇ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਅਜਿਹੇ ਪ੍ਰੋਗਰਾਮ ਲਾਲ ਕਿਲ੍ਹੇ ’ਤੇ ਆਯੋਜਿਤ ਕੀਤੇ ਜਾਣਗੇ।