ਕੈਪਟਨ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚਲਣ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਕਿਹਾ ਕਿ ਕਿਸਾਨੀ ਸਾਡੇ ਆਰਥਕ ਢਾਂਚੇ ਦੇ ਨਾਲ-ਨਾਲ ਮੰਡੀ ਪ੍ਰਣਾਲੀ ਅਤੇ ਘੱਟੋ-ਘੱਟ ਸਮਰਥਨ ਮੁਲ ਦੀ ਰੀੜ੍ਹ ਦੀ ਹੱਡੀ ਹੈ।

Captian Amarinder Singh

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਸੂਬੇ ਦੀ ਵਿਧਾਨ ਸਭਾ ਵਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਨੂੰ ਛੇਤੀ ਸਹਿਮਤੀ ਲਈ 4 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਅਤੇ ਯਾਦ ਪੱਤਰ ਦੇਣ ਲਈ ਉਨ੍ਹਾਂ ਨਾਲ ਚੱਲਣ ਦੀ ਅਪੀਲ ਕੀਤੀ ਹੈ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਨੇ ਪ੍ਰੈਸ ਬਿਆਨ ਰਾਹੀਂ ਸਮੂਹ ਵਿਧਾਇਕਾਂ ਨੂੰ ਸੂਬੇ ਦੇ ਹਿਤਾਂ ਦੀ ਰਾਖੀ ਲਈ ਖੜੇ ਹੋਣ ਅਤੇ ਪਾਰਟੀ ਲੀਹਾਂ ਤੋਂ ਉਪਰ ਉਠਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨੀ ਹਿਤਾਂ ਨੂੰ ਲਿਤਾੜਿਆ ਜਾ ਰਿਹਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਾਲ ਹੀ ਵਿਚ ਲਿਆਂਦੇ ਤਿੰਨ ਖੇਤੀ ਕਾਨੂੰਨ ਪੰਜਾਬ ਦੇ ਕਿਸਾਨ ਭਾਈਚਾਰੇ ਲਈ ਮਾਰੂ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਸਾਡੇ ਆਰਥਕ ਢਾਂਚੇ ਦੇ ਨਾਲ-ਨਾਲ ਮੰਡੀ ਪ੍ਰਣਾਲੀ ਅਤੇ ਘੱਟੋ-ਘੱਟ ਸਮਰਥਨ ਮੁਲ ਦੀ ਰੀੜ੍ਹ ਦੀ ਹੱਡੀ ਹੈ।