ਮੁੱਖ ਮੰਤਰੀ ਦੇ ਘਰ ਬਾਹਰ SGPC ਪ੍ਰਧਾਨ ਲੌਂਗੋਵਾਲ ਦੀ ਅਗਵਾਈ 'ਚ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਚਾਹੁੰਦੇ ਨੇ - SGPC ਪ੍ਰਧਾਨ ਲੌਂਗੋਵਾਲ

SGPC President Gobind Singh Longowal

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਅਕਾਲੀ ਦਲ ਦੇ ਵਰਕਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਾਇਸ਼ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ ਕੀਤਾ। SGPC ਇਹ ਧਰਨਾ ਆਪਣੇ ਮੁਲਾਜ਼ਮਾਂ ਖਿਲਾਫ ਦਰਜ ਹੋਏ ਕਰਾਸ ਪਰਚਿਆਂ ਦੇ ਵਿਰੋਧ 'ਚ ਕਰ ਰਹੀ ਹੈ। ਇਸ ਦੌਰਾਨ ਲੌਂਗੋਵਾਲ ਨੇ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਇਸੇ ਲਈ SGPC ਦਫ਼ਤਰ 'ਤੇ ਹਮਲਾ ਕਰਨ ਵਾਲਿਆਂ ਦੀ ਥਾਂ ਸਾਡੇ ਹੀ 400 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੌਂਗੋਵਾਲ ਨੇ ਪੰਜਾਬ ਪੁਲਿਸ ਦੀ ਕਾਰਵਾਹੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਜਾਣਬੁੱਝ ਕੇ ਪੰਜਾਬ ਦੀ ਕਾਂਗਰਸ ਸਰਕਾਰ SGPC ਨੂੰ ਨਿਸ਼ਾਨਾ ਬਣਾ ਰਹੀ ਹੈ। 

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ 'ਚ  24 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਦੇ ਬਾਹਰ ਧਰਨਾ ਦੇ ਰਹੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਿਚਕਾਰ ਧੱਕਾਮੁੱਕੀ ਤੋਂ ਬਾਅਦ ਹਿੰਸਕ ਝੱੜਪ ਹੋਈ ਸੀ। ਇਸ ਦੌਰਾਨ ਐੱਸਜੀਪੀਸੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵੱਲੋਂ ਕਿਰਪਾਨਾਂ ਵੀ ਕੱਢੀਆਂ ਗਈਆਂ ਸਨ। 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ 'ਚ ਸਿੱਖ ਜਥੇਬੰਦੀਆਂ ਪਿਛਲੇ ਕੁਝ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਸ਼ਾਂਤਮਈ ਪ੍ਰਦਰਸ਼ਨ ਉਸ ਸਮੇਂ ਹਿੰਸਕ ਹੋ ਗਿਆ ਜਦੋਂ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੂੰ ਤਾਲਾ ਜੜ ਦਿੱਤਾ ਸੀ।