ਪੰਜਾਬ ਸਰਕਾਰ ਨੇ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲਾਂ ਦੇ ਮੁਆਵਜ਼ੇ ਲਈ ਖੋਲ੍ਹਿਆ ਖ਼ਜ਼ਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਬਾਂਹ ਫੜੀ- ਅਰੁਨਾ ਚੌਧਰੀ

Aruna Chaudhary

ਚੰਡੀਗੜ੍ਹ (ਅਮਨਪ੍ਰੀਤ ਕੌਰ): ਪੰਜਾਬ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡਾ ਅਤੇ ਅਹਿਮ ਕਦਮ ਚੁੱਕਦੇ ਹੋਏ ਗੁਲਾਬੀ ਸੁੰਡੀ ਨਾਲ ਨੁਕਸਾਨੇ ਗਏ ਨਰਮੇ ਦੇ ਮੁਆਵਜ਼ੇ ਲਈ 416 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਮਾਲ ਤੇ ਮੁੜ ਵਸੇਬਾ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਬਾਂਹ ਫੜੀ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਕਿਸਾਨ ਅੰਦੋਲਨ ਨਾਲ ਡਟ ਕੇ ਖੜੀ ਹੈ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣਾ ਪੰਜਾਬ ਸਰਕਾਰ ਦਾ ਫਰਜ਼ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਵੀ ਗੁਲਾਬੀ ਸੁੰਡੀ ਨਾਲ ਨਰਮੇ ਦੀ ਕਾਫੀ ਫਸਲ ਖਰਾਬ ਹੋਈ ਸੀ। ਉਹਨਾਂ ਦੱਸਿਆ ਕਿ ਇਸ ਵਾਰ ਕਰੀਬ 7 ਲੱਖ 51 ਹਜ਼ਾਰ ਏਕੜ ਰਕਬੇ ਵਿਚ ਨਰਮਾ ਬੀਜਿਆ ਗਿਆ ਅਤੇ ਇਸ ਵਿਚੋਂ ਤਕਰੀਬਨ ਚਾਰ ਲੱਖ ਏਕੜ ਰਕਬੇ ਵਿਚ ਗੁਲਾਬੀ ਸੁੰਡੀ ਨਾਲ ਨੁਕਸਾਨ ਹੋਇਆ ਹੈ। ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 26 ਤੋਂ 32 ਫ਼ੀਸਦੀ ਨੁਕਸਾਨ ਲਈ 2000 ਰੁਪਏ ਪ੍ਰਤੀ ਏਕੜ, 33 ਤੋ 75 ਫ਼ੀਸਦੀ ਨੁਕਸਾਨ ਲਈ 5400 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

ਅਰੁਨਾ ਚੌਧਰੀ ਨੇ ਕਿਹਾ ਕਿ ਕਿਸਾਨਾਂ ਵਲੋਂ ਜ਼ਿਆਦਾ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਲਈ ਇਹ ਸੰਭਵ ਨਹੀਂ ਹੈ। ਉਹਨਾਂ ਦੱਸਿਆ ਕਿ ਮੌਜੂਦਾ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਨਾਲੋਂ ਜ਼ਿਆਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਨੂੰ ਤਕਨੀਕ ਦਾ ਸਹਾਰਾ ਲੈਣਾ ਪਵੇਗਾ। ਅਰੁਨਾ ਚੌਧਰੀ ਨੇ ਦਾਅਵਾ ਕੀਤਾ ਕਿ ਜਿਹੜੇ ਕੰਮ ਪਹਿਲੇ ਸਾਢੇ ਚਾਰ ਸਾਲਾਂ ਦੌਰਾਨ ਨਹੀਂ ਹੋਏ ਉਹ ਇਹਨਾਂ ਤਿੰਨ ਮਹੀਨਿਆਂ ਵਿਚ ਜ਼ਰੂਰ ਪੂਰੇ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਕਾਂਗਰਸ ਪੂਰੀ ਤਿਆਰੀ ਨਾਲ 2022 ਦੀਆਂ ਚੋਣਾਂ ਦੇ ਮੈਦਾਨ ਵਿਚ ਉਤਰੇਗੀ। ਉਹਨਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੀਏ ਪਰ ਪਿਛਲੀ ਵਾਰ ਕੁਝ ਕਮੀ ਜ਼ਰੂਰ ਰਹੀ। ਇਸ ਦੌਰਾਨ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਦਿੱਲੀ ਕਾਂਗਰਸ ਇਕਾਈ ਵਿਚ ਜਗਦੀਸ਼ ਟਾਈਟਲਰ ਨੂੰ ਸਥਾਈ ਮੈਂਬਰ ਬਣਾਉਣ ਦੇ ਮਾਮਲੇ ’ਤੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕੀਤਾ।