ਖੇਤੀਬਾੜੀ ਕਾਨੂੰਨਾਂ 'ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਮਾਇਆਵਤੀ

ਏਜੰਸੀ

ਖ਼ਬਰਾਂ, ਪੰਜਾਬ

ਖੇਤੀਬਾੜੀ ਕਾਨੂੰਨਾਂ 'ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਮਾਇਆਵਤੀ

image

ਲਖਨਊ, 29 ਨਵੰਬਰ: ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਐਤਵਾਰ ਨੂੰ ਖੇਤੀ ਕਾਨੂੰਨਾਂ ਵਿਰੁਧ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਕਰਦੇ ਹੋਏ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਉੱਤੇ ਮੁੜ ਵਿਚਾਰ ਕਰਨ ਦੀ ਸਲਾਹ ਦਿਤੀ। ਮਾਇਆਵਤੀ ਨੇ ਟਵੀਟ ਕੀਤਾ ਕਿ ਪੂਰੇ ਦੇਸ਼ ਵਿਚ ਕਿਸਾਨ ਬਹੁਤ ਨਾਰਾਜ਼ ਹਨ ਅਤੇ ਕੇਂਦਰ ਸਰਕਾਰ ਵਲੋਂ ਖੇਤੀਬਾੜੀ ਨਾਲ ਸਬੰਧਤ ਹਾਲ ਹੀ ਵਿਚ ਲਾਗੂ ਕੀਤੇ ਤਿੰਨ ਕਾਨੂੰਨਾਂ ਵਿਰੁਧ ਅੰਦੋਲਨ ਕਰ ਰਹੇ ਹਨ। ਉਨ੍ਹਾਂ ਟਵੀਟ ਕੀਤਾ, ''ਚੰਗਾ ਹੋਵੇਗਾ ਜੇਕਰ
ਕੇਂਦਰ ਸਰਕਾਰ ਕਿਸਾਨਾਂ ਦੀ ਸਹਿਮਤੀ ਤੋਂ ਬਗ਼ੈਰ ਬਣੇ ਇਨ੍ਹਾਂ ਕਾਨੂੰਨਾਂ 'ਤੇ ਮੁੜ ਵਿਚਾਰ ਕਰੇ।''
ਬਸਪਾ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀਆਂ ਕਈ ਵੱਡੀਆਂ ਰਾਜਨੀਤਿਕ ਪਾਰਟੀਆਂ, ਜਿਨ੍ਹਾਂ ਵਿਚ ਸਮਾਜਵਾਦੀ ਪਾਰਟੀ (ਸਪਾ) ਅਤੇ ਕਾਂਗਰਸ ਸ਼ਾਮਲ ਹਨ, ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ। ਸਾਬਕਾ ਮੁੱਖ ਮੰਤਰੀ ਅਤੇ ਸਪਾ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਸਨਿਚਰਵਾਰ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਪੱਤਰਕਾਰਾਂ ਨੂੰ ਕਿਹਾ ਕਿ ਕਿਸੇ ਨੇ ਵੀ ਕਿਸਾਨਾਂ 'ਤੇ ਇਸ ਤਰ੍ਹਾਂ ਡੰਡੇ ਨਹੀਂ ਚਲਾਏ ਅਤੇ ਨਾ ਹੀ ਕਿਸੇ ਸਰਕਾਰ ਨੇ ਅਜਿਹਾ ਅਤਿਵਾਦੀ ਹਮਲਾ ਕੀਤਾ, ਜਿਵੇਂ ਭਾਜਪਾ ਸਰਕਾਰ ਵਿਚ ਹੋ ਰਿਹਾ ਹੈ।
ਇਹ ਉਹੀ ਲੋਕ ਹਨ ਜਿਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਸੀ ਕਿ ਉਹ ਸੱਤਾ ਵਿਚ ਆਉਣ 'ਤੇ ਨਾ ਸਿਰਫ਼ ਅਪਣੇ ਕਰਜ਼ੇ ਮੁਆਫ਼ ਕਰਨਗੇ ਬਲਕਿ ਝਾੜ ਦੀ ਕੀਮਤ ਦੇਣਗੇ ਅਤੇ ਆਮਦਨੀ ਦੁੱਗਣੀ ਕਰਨਗੇ, ਪਰ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ, ਬਹੁਤੇ ਗ਼ਰੀਬ ਅਤੇ ਕਿਸਾਨ ਬਰਬਾਦ ਹੋ ਚੁੱਕੇ ਹਨ। (ਪੀਟੀਆਈ)