ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਸੁਪਰੀਮ ਕੋਰਟ ਜਾਵੇਗੀ

ਏਜੰਸੀ

ਖ਼ਬਰਾਂ, ਪੰਜਾਬ

ਭਾਈ ਰਾਜੋਆਣਾ ਦੇ ਪਰਵਾਰ ਨਾਲ ਕੀਤੀ ਮੁਲਾਕਾਤ

file photo

ਅੰਮ੍ਰਿਤਸਰ : ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਦਾ ਮੁੱਦਾ ਮੁੜ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿਤੀਆਂ ਹਨ। ਇਸੇ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਹਰ ਪੱਧਰ 'ਤੇ ਪੈਰਵਾਈ ਕਰੇਗੀ।

ਉਨ੍ਹਾਂ ਕਿਹਾ ਕਿ ਜਲਦ ਹੀ ਉਹ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਦੀ ਸਜ਼ਾ ਮਾਫ਼ੀ ਬਾਰੇ ਪਹਿਲਾਂ ਲਏ ਜਾ ਚੁੱਕੇ ਫ਼ੈਸਲੇ ਨੂੰ ਲਾਗੂ ਕਰਨ ਲਈ ਅਪੀਲ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦੀ ਲੁਧਿਆਣਾ ਸਥਿਤ ਰਿਹਾਇਸ਼ 'ਤੇ ਪੁੱਜੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਭਾਈ ਰਾਜੋਆਣਾ ਦੇ ਮਾਮਲੇ ਵਿਚ ਸੰਜੀਦਾ ਰੂਪ ਵਿਚ ਪੈਰਵਾਈ ਕਰਦੀ ਰਹੀ ਹੈ ਅਤੇ ਅੱਗੋਂ ਵੀ ਕੋਸ਼ਿਸ਼ ਜਾਰੀ ਰੱਖੇਗੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਮਾਮਲੇ ਵਿਚ ਅਪਣੇ ਫ਼ੈਸਲੇ ਤੋਂ ਪਿਛੇ ਹਟਣਾ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਅਮਲ ਵਿਚ ਲਿਆਉਣ ਲਈ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ। ਮਸਲਾ ਹੱਲ ਨਾ ਹੋਣ ਦੀ ਸੁਰਤ 'ਚ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ।

ਉਨ੍ਹਾਂ ਕਿਹਾ ਕਿ ਕਾਨੂੰਨੀ ਲੜਾਈ ਲਈ ਦੇਸ਼ ਦੇ ਵੱਡੇ ਵਕੀਲਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੇ ਪਰਵਾਰਕ ਮੈਂਬਰਾਂ ਦੀ ਸਲਾਹ ਨਾਲ ਹਰ ਪੱਧਰ 'ਤੇ ਕਾਰਵਾਈ ਅੱਗੇ ਵਧਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਭਾਈ ਰਾਜੋਆਣਾ ਵਲੋਂ ਭੁੱਖ ਹੜਤਾਲ ਦਾ ਫ਼ੈਸਲਾ ਵਾਪਸ ਲੈਣ ਦੀ ਅਪੀਲ  ਕਰਦਿਆਂ ਕਿਹਾ ਕਿ ਉਹ ਖੁਦ ਭਾਈ ਰਾਜੋਆਣਾ ਨਾਲ 11 ਜਨਵਰੀ ਤੋਂ ਪਹਿਲਾਂ ਮੁਲਾਕਾਤ ਵੀ ਕਰਨਗੇ।

ਇਸ ਦੌਰਾਨ ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵਲੋਂ ਉਨ੍ਹਾਂ ਦੀ ਸਾਰ ਲੈਣ ਪੁੱਜਣ 'ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਉਦੈ ਸਿੰਘ ਲੌਂਗੋਵਾਲ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਦੇ ਮੈਨੇਜਰ ਰੇਸ਼ਮ ਸਿੰਘ, ਬੀਬੀ ਕਮਲਦੀਪ ਕੌਰ ਦੇ ਪਤੀ ਬਲਜੀਤ ਸਿੰਘ, ਕੁਲਜੀਤ ਸਿੰਘ ਧੰਜਲ, ਦਰਸ਼ਨ ਸਿੰਘ ਪੀਏ ਆਦਿ ਹਾਜ਼ਰ ਸਨ।