ਗੁਰੂ ਨਾਨਕ ਵੀਡੀਓ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਸੁੱਖੀ ਰੰਧਾਵੇ ‘ਤੇ ਦਰਜ ਕਰਾਏਗੀ ਮੁਕੱਦਮਾ: ਲੌਂਗੋਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਬਨਿਟ...

Longowal

ਲਹਿਰਾਗਾਗਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਜਗਤ 'ਚ ਭਾਰੀ ਰੋਸ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਪਰਚਾ ਦਰਜ ਕਰਾਏਗੀ ਅਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਬੇਨਤੀ ਕਰਨਗੇ ਕਿ ਰੰਧਾਵਾ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਹਨ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਤਾਂ ਜੋ ਕੋਈ ਵਿਅਕਤੀ ਅੱਗੇ ਤੋਂ ਅਜਿਹੀ ਗ਼ਲਤੀ ਨਾ ਕਰੇ।

ਇੱਥੇ ਦੱਸਣਯੋਗ ਹੈ ਕਿ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਿਵਾਦਿਤ ਵਾਇਰਲ ਵੀਡੀਓ ਦੇ ਮਾਮਲੇ 'ਚ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਬੇਅਦਬੀ ਨੂੰ ਕਿਸੇ ਵੀ ਤਰੀਕੇ ਨਾਲ ਸਹਿਣ ਨਹੀਂ ਕੀਤਾ ਜਾ ਸਕਦਾ। ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਮੁੱਖ ਮੰਤਰੀ ਨੂੰ ਰੰਧਾਵਾ ਦਾ ਅਸਤੀਫਾ ਲੈ ਲੈਣਾ ਚਾਹੀਦਾ ਹੈ।

ਇਸ ਤੋਂ ਬਿਨਾਂ ਉਨ੍ਹਾਂ ਨੇ ਰਵਨੀਤ ਸਿੰਘ ਵੱਲੋਂ ਇਸ ਵੀਡੀਓ ਨੂੰ ਫਰਜੀ ਕਹਿਣ 'ਤੇ ਬਿੱਟੂ ਨੂੰ ਗਾਂਧੀ ਪਰਿਵਾਰ ਦਾ ਚੇਲਾ ਦੱਸਿਆ। ਅੱਜ ਇੱਥੇ ਜੀ. ਪੀ. ਐੱਫ. ਧਰਮਸ਼ਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇੱਕ ਪਿੰਡ-ਇੱਕ ਗੁਰਦੁਆਰਾ ਮੁਹਿੰਮ ਮੁੜ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਪਿੰਡਾਂ ਅੰਦਰ ਜਾਤ-ਪਾਤ ਦੇ ਨਾਂ 'ਤੇ ਗੁਰਦੁਆਰਾ ਸਾਹਿਬ ਨਾ ਹੋਣ, ਸਗੋਂ ਹਰ ਪਿੰਡ 'ਚ ਇੱਕ ਹੀ ਗੁਰਦੁਆਰਾ ਸਾਹਿਬ ਹੋਵੇ ਅਤੇ ਇਹ ਵੀ ਇੱਛਾ ਹੈ ਕਿ ਪਿੰਡਾਂ ਅੰਦਰ ਜਾਤ ਦੇ ਨਾਂ 'ਤੇ ਸ਼ਮਸ਼ਾਨ ਘਾਟ ਨਾ ਹੋਣ।