ਕਿਰਤੀ ਕਿਸਾਨ ਯੂਨੀਅਨ ਨੇ ਸੰਯੁਕਤ ਸਮਾਜ ਮੋਰਚਾ ਤੋਂ ਕੀਤਾ ਕਿਨਾਰਾ
ਕਿਰਤੀ ਕਿਸਾਨ ਯੂਨੀਅਨ ਨੇ ਸੰਯੁਕਤ ਸਮਾਜ ਮੋਰਚਾ ਦਾ ਸਮਰਥਨ ਕਰਨ ਅਤੇ ਇਸ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਚੰਡੀਗੜ੍ਹ: ਕਿਰਤੀ ਕਿਸਾਨ ਯੂਨੀਅਨ ਨੇ ਸੰਯੁਕਤ ਸਮਾਜ ਮੋਰਚਾ ਦਾ ਸਮਰਥਨ ਕਰਨ ਅਤੇ ਇਸ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਚੋਣਾਂ ਨਹੀਂ ਲੜੀਆਂ ਜਾਣਗੀਆਂ ਅਤੇ ਨਾ ਹੀ ਕੋਈ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ। ਯੂਨੀਅਨ ਨੇ ਬਾਕੀ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਸਿਆਸਤ ਛੱਡ ਕੇ ਵਾਪਸ ਆ ਜਾਣ।
ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਨੇ ਮਿਲ ਕੇ ਬਹੁਤ ਲੰਬੀ ਲੜਾਈ ਲੜੀ ਅਤੇ ਸਾਡੇ ਕਈ ਮਾਮਲੇ ਅਧੂਰੇ ਹਨ, ਇਸ ਲਈ ਸਾਨੂੰ ਅਪਣੇ ਮੁੱਦਿਆਂ ਵੱਲ ਧਿਆਨ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਕ ਦੂਜੇ ਖਿਲਾਫ਼ ਬਿਆਨਬਾਜ਼ੀ ਕਰਨ ਵਾਲੇ ਕਿਸਾਨ ਆਗੂਆਂ ਨੂੰ ਸਮਝਦਾਰੀ ਵਰਤਣੀ ਚਾਹੀਦੀ ਹੈ, ਸਾਨੂੰ ਇਕੱਠਿਆਂ ਹੋ ਕੇ ਚੱਲਣਾ ਚਾਹੀਦਾ ਹੈ।
ਯੂਨੀਅਨ ਨੇ 32 ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਚੱਲਣ ਦੀ ਅਪੀਲ ਕੀਤੀ। ਕਿਸਾਨ ਆਗੂ ਦਾ ਕਹਿਣਾ ਹੈ ਕਿ 32 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਸਮਾਜ ਮੋਰਚੇ ਦਾ ਇਕਜੁੱਟ ਹੋਣਾ ਬਹੁਤ ਜ਼ਰੂਰ ਹੈ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਦੀਪਸਿੰਘਵਾਲਾ ਨੇ ਕਿਹਾ ਕਿ ਚੋਣਾਂ ਦੌਰਾਨ ਯੂਨੀਅਨ ਵਲੋਂ ਲੋਕਾਂ ਦੇ ਮੁੱਦੇ ਲੈ ਕੇ ਜਨਤਕ ਮੁਹਿੰਮ ਚਲਾਈ ਜਾਵੇਗੀ, ਜਿਸ ਵਿਚ ਆਮ ਲੋਕਾਂ ਦੇ ਮੁੱਦਿਆਂ ਨੂੰ ਉਭਾਰਿਆ ਜਾਵੇਗਾ।