ਬਹੁ ਕਰੋੜੀ ਡਰੱਗ ਮਾਮਲਾ : ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਪਰੀਮ ਕੋਰਟ ਵੱਲੋਂ  23 ਫਰਵਰੀ ਤਕ ਮਿਲੀ ਅਗਾਊਂ ਜ਼ਮਾਨਤ

Supreme Court

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਬਹੁ ਕਰੋੜੀ ਡਰੱਗ ਮਾਮਲੇ ਵਿਚ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਇਲਾਵਾ ਅਦਾਲਤ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਜੀਠੀਆ ਨੂੰ ਚੋਣ ਪ੍ਰਚਾਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵੱਲੋਂ ਅੱਜ ਦੇ ਦਿਨ ਤੱਕ ਲਈ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਰੋਕ ਲਾਈ ਹੋਈ ਸੀ। ਇਸ ਤੋਂ ਪਹਿਲਾਂ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੱਲ ਰਿਹਾ ਸੀ ਜਿਥੇ ਹਾਈ ਕੋਰਟ ਨੇ ਵੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ ਪਰ ਨਾਲ ਹੀ ਤਿੰਨ ਦਿਨਾਂ ਲਈ ਗ੍ਰਿਫ਼ਤਾਰੀ ਨਾ ਕਰਨ ਦਾ ਹੁਕਮ ਵੀ ਜਾਰੀ ਕੀਤਾ ਸੀ।

ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਅਤੇ ਅੱਜ ਉਨ੍ਹਾਂ ਨੂੰ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਲਈ ਮਜੀਠੀਆ ਦੋ ਜਗ੍ਹਾ ਤੋਂ ਚੋਣ ਲੜਨ ਦੀ ਤਿਆਰੀ ਵਿਚ ਹਨ ਇੱਕ ਮਜੀਠਾ ਅਤੇ ਦੂਜਾ ਅੰਮ੍ਰਿਤਸਰ ਪੂਰਬੀ ਜਿਥੇ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਦਿੱਗਜ਼ ਨੇਤਾ ਨਵਜੋਤ ਸਿੰਘ ਸਿੱਧੂ ਨਾਲ ਹੋਵੇਗਾ। ਸੂਬੇ ਦੀਆਂ ਵਿਧਾਨ ਸਭਾ ਚੋਣਾਂ  20 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।