SGPC ਦੇ 40 ਮੌਜੂਦਾ ਤੇ ਸੇਵਾ ਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਪੇਸ਼ ਹੋਣ ਲਈ ਭੇਜੇ ਸੰਮਨ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਸ.ਜੀ.ਪੀ.ਸੀ. ਦੇ ਮੁਲਾਜ਼ਮਾਂ ਦੀ ਪ੍ਰੇਸ਼ਾਨੀ ’ਤੇ ਪ੍ਰਗਟਾਇਆ ਇਤਰਾਜ਼
ਸ੍ਰੀ ਅੰਮ੍ਰਿਤਸਰ ਸਾਹਿਬ : ਪਾਵਨ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਪੇਸ਼ ਹੋਣ ਲਈ ਸੰਮਣ ਭੇਜੇ ਗਏ ਹਨ। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਜਾਂਚ ਦੀ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਨੂੰ ਕੀਤੀ ਜਾ ਰਹੀ ਕਥਿਤ ਮਾਨਸਿਕ ਪ੍ਰੇਸ਼ਾਨੀ 'ਤੇ ਚਿੰਤਾ ਪ੍ਰਗਟਾਈ ਹੈ।
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਪਤਾ ਲੱਗਾ ਹੈ ਕਿ SIT ਵੱਲੋਂ ਦੁਬਾਰਾ 40 ਲੋਕਾਂ ਨੂੰ ਬਿਆਨ ਦਰਜ ਕਰਵਾਉਣ ਲਈ ਸੱਦਿਆ ਗਿਆ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਤੋਂ ਪਹਿਲਾਂ ਵੀ ਡਾਕਟਰ ਈਸ਼ਰ ਸਿੰਘ ਦੀ ਰਿਪੋਰਟ ਦੌਰਾਨ ਸਭ ਦੇ ਬਿਆਨ ਦਰਜ ਹੋ ਚੁੱਕੇ ਹਨ। ਉਨ੍ਹਾਂ ਕਿਹਾ, "ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ, ਪਰ ਜਾਂਚ ਦੇ ਨਾਂ 'ਤੇ ਕਿਸੇ ਦੀ ਸਰੀਰਕ ਜਾਂ ਮਾਨਸਿਕ ਹਰਾਸਮੈਂਟ (ਪ੍ਰੇਸ਼ਾਨੀ) ਨਹੀਂ ਹੋਣੀ ਚਾਹੀਦੀ।"
ਜਥੇਦਾਰ ਸਾਹਿਬ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖੁਦ SIT ਦੇ ਮੁਖੀ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਮੇਟੀ ਵੱਲੋਂ ਜਾਂਚ ਵਿੱਚ ਪੂਰੀ ਮਦਦ ਮਿਲ ਰਹੀ ਹੈ। ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਾਂਚ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬਿਨਾਂ ਵਜ੍ਹਾ ਅਧਿਕਾਰੀਆਂ 'ਤੇ ਮਾਨਸਿਕ ਦਬਾਅ ਨਾ ਪਾਉਣ । ਇਹ ਮਾਮਲਾ ਸਿੱਖ ਪੰਥ ਲਈ ਬਹੁਤ ਸੰਵੇਦਨਸ਼ੀਲ ਹੈ, ਕਿਉਂਕਿ ਇਹ ਪਾਵਨ ਸਰੂਪਾਂ ਦੀ ਮਰਿਆਦਾ ਅਤੇ ਰਿਕਾਰਡ ਨਾਲ ਜੁੜਿਆ ਹੋਇਆ ਹੈ। ਗਿਆਨੀ ਰਘਬੀਰ ਸਿੰਘ ਜੀ ਨੇ ਉਮੀਦ ਜਤਾਈ ਕਿ ਜਾਂਚ ਨਿਰਪੱਖ ਹੋਵੇਗੀ ਅਤੇ ਅਸਲੀਅਤ ਸਾਹਮਣੇ ਆਵੇਗੀ, ਪਰ ਉਨ੍ਹਾਂ ਮੁੜ ਦੁਹਰਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਜਾਂਚ ਦੌਰਾਨ ਮਾਨਵੀ ਕਦਰਾਂ-ਕੀਮਤਾਂ ਦਾ ਖਿਆਲ ਰੱਖਣਾ ਚਾਹੀਦਾ ਹੈ।