ਭਲਕੇ ਬੁਲਾਇਆ ਜਾਵੇਗਾ ਵਿਸ਼ੇਸ਼ ਸੈਸ਼ਨ, ਚੰਡੀਗੜ੍ਹ ਵਿਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਕੀਤਾ ਜਾਵੇਗਾ ਰੱਦ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਕਰੀਬ 23 ਹਜ਼ਾਰ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਤਹਿਤ ਲਿਆ ਹੈ।

Bhagwant Mann

 

ਚੰਡੀਗੜ੍ਹ - ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਭਲਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਤਿਆਰੀ ਕਰ ਰਹੀ ਹੈ। ਇਸ 'ਤੇ ਕਾਫੀ ਹੱਦ ਤੱਕ ਸਹਿਮਤੀ ਬਣ ਗਈ ਹੈ। ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਅੰਤਿਮ ਫੈਸਲਾ ਲਿਆ ਜਾਵੇਗਾ। ਇਸ ਇਜਲਾਸ ਵਿਚ ਮਾਨ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਨਿਯਮ ਥੋਪਣ ਵਿਰੁੱਧ ਮਤਾ ਲਿਆਂਦਾ ਜਾਵੇਗਾ। ਜਿਸ ਰਾਹੀਂ ਕੇਂਦਰ ਦਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਜਾਵੇਗਾ।

ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਕਰੀਬ 23 ਹਜ਼ਾਰ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਤਹਿਤ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ 'ਤੇ ਪੰਜਾਬ ਸਿਵਲ ਸਰਵਿਸ ਰੂਲਜ਼ ਲਾਗੂ ਸਨ। ਇਸ ਤੋਂ ਇਲਾਵਾ ਸੀਐਮ ਮਾਨ ਵੱਲੋਂ ਹੁਣ ਤੱਕ ਕੀਤੇ ਗਏ ਐਲਾਨਾਂ ਨਾਲ ਸਬੰਧਤ ਤਜਵੀਜ਼ਾਂ ਨੂੰ ਵੀ ਪ੍ਰਵਾਨਗੀ ਲਈ ਲਿਆਂਦਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਵਿਚ ਬੀਐਸਐਫ ਦੇ ਘੇਰੇ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਵਿਰੋਧ ਕੀਤਾ ਸੀ। ਜਿਸ ਤੋਂ ਬਾਅਦ ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਫਿਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਕੇਂਦਰ ਦਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਗਿਆ। ਹਾਲਾਂਕਿ, ਇਸ ਨਾਲ ਕੋਈ ਵੱਡਾ ਫਰਕ ਨਹੀਂ ਪਿਆ ਅਤੇ ਬੀਐਸਐਫ ਵਧੇ ਹੋਏ ਅਧਿਕਾਰ ਖੇਤਰ ਦੇ ਅਨੁਸਾਰ ਕੰਮ ਕਰ ਰਹੀ ਹੈ।