ਗੁਰਦਵਾਰਾ ਅਜੀਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ
ਗੁਰਦਵਾਰਾ ਅਜੀਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ
ਜਗਰਾਉਂ, 30 ਮਾਰਚ (ਪਰਮਜੀਤ ਸਿੰਘ ਗਰੇਵਾਲ): ਅੱਜ ਜਗਰਾਉਂ-ਰਾਏਕੋਟ ਰੋਡ ਸਥਿਤ ਗੁਰਦੁਆਰਾ ਸ੍ਰੀ ਅਜੀਤਸਰ ਸਾਹਿਬ ਵਿਖੇ ਬਹੁਤ ਹੀ ਦੁਖਦਾਈ ਘਟਨਾ ਵਾਪਰੀ। ਦੇਰ ਰਾਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਅਗਨ ਭੇਂਟ ਹੋ ਗਏ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਡਾ: ਅਮਰੀਕ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਦਸਿਆ ਕਿ ਰਾਤ ਉਨ੍ਹਾਂ ਨੂੰ ਗ੍ਰੰਥੀ ਸਿੰਘ ਦਾ ਫ਼ੋਨ ਆਇਆ ਕਿ ਦਰਬਾਰ ਸਾਹਿਬ ਦੇ ਅੰਦਰ ਧੂੰਆਂ ਹੀ ਧੂੰਆਂ ਹੋਇਆ ਪਿਆ ਹੈ, ਪਤਾ ਨਹੀਂ ਕੀ ਕਾਰਨ ਹਨ।
ਉਨ੍ਹਾਂ ਕਿਹਾ ਕਿ ਜਦੋਂ ਮੈਂ ਆ ਕੇ ਵੇਖਿਆ ਤਾਂ ਦਰਬਾਰ ਸਾਹਿਬ ਦੇ ਅੰਦਰ ਬਹੁਤ ਹੀ ਜ਼ਿਆਦਾ ਧੂੰਆਂ ਸੀ ਅਤੇ ਅੰਦਰ ਜਾਂ ਨਹੀਂ ਹੋ ਰਿਹਾ ਸੀ, ਉਸ ਤੋਂ ਬਾਅਦ ਉਨ੍ਹਾਂ ਨੇ ਅੰਦਰ ਪਾਣੀ ਦਾ ਛਿੜਕਾਅ ਕੀਤਾ ਅਤੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦਸਿਆ ਕਿ ਸੀਸੀਟੀਵੀ ਫੁਟੇਜ ਤੋਂ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਉਨ੍ਹਾਂ ਦਸਿਆ ਕਿ ਜਦੋਂ ਤਕ ਅੱਗ ’ਤੇ ਕਾਬੂ ਪਾਇਆ ਗਿਆ, ਉਦੋਂ ਤਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਅਗਨ ਭੇਂਟ ਹੋ ਚੁੱਕੇ ਸਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਲੇ ਪਹੁੰਚ ਚੁੱਕੇ ਹਨ ਅਤੇ ਅਸੀਂ ਸਰੂਪਾਂ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲੈ ਕੇ ਜਾ ਰਹੇ ਹਾਂ ਅਤੇ ਇਸ ਘਟਨਾ ਸਬੰਧੀ ਐਫ਼ਆਈਆਰ ਦਰਜ ਕਰਵਾ ਦਿਤੀ ਗਈ ਹੈ। ਇਸ ਖ਼ਬਰ ਨਾਲ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਫੈਲ ਗਈ। ਸਵੇਰੇ ਇਸ ਗੱਲ ਦਾ ਪਤਾ ਲਗਦੇ ਹੀ ਕਈ ਸਿੱਖ ਜਥੇਬੰਦੀਆਂ ਗੁਰਦੁਆਰਾ ਸਾਹਿਬ ਵਿਖੇ ਪਹੁੰਚਣੀਆਂ ਸ਼ੁਰੂ ਹੋ ਗਈਆਂ। ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਅਤੇ ਉਨ੍ਹਾਂ ਨੇ ਪ੍ਰਬੰਧਕਾਂ ਨੂੰ ਝਾੜ ਪਾਉਂਦਿਆਂ ਆਖਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ’ਚ ਕਮੀ ਦੇ ਕਾਰਨ ਇਹ ਸੱਭ ਕੁੱਝ ਵਾਪਰਿਆ ਹੈ। ਸਥਿਤੀ ਤਣਾਅਪੂਰਨ ਹੁੰਦੀ ਵੇਖ ਮੌਕੇ ’ਤੇ ਪਹੁੰਚੇ ਡੀਐੱਸਪੀ ਦਲਜੀਤ ਸਿੰਘ ਵਿਰਕ ਨੇ ਮਾਹੌਲ ਨੂੰ ਸ਼ਾਂਤ ਕਰਵਾਇਆ।
ਇਸ ਮੌਕੇ ਡੀਐੱਸਪੀ ਦਲਜੀਤ ਸਿੰਘ ਵਿਰਕ ਨੇ ਕਿਹਾ ਕਿ ਉਨ੍ਹਾਂ ਨੇ ਸੀਸੀਟੀਵੀ ਦੀ ਫੁਟੇਜ ਵੇਖੀ ਹੈ, ਕਮਰੇ ਵਿਚ ਚੱਲ ਰਹੇ ਪੱਖੇ ਦੇ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਹੈ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਜ ਸਰੂਪ ਅਗਨ ਭੇਂਟ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਬਰੀਕੀ ਨਾਲ ਛਾਣਬੀਣ ਕਰ ਰਹੇ ਹਾਂ। ਘਟਨਾ ਸਥਾਨ ਮੌਕੇ ’ਤੇ ਗੁਰਦੁਆਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਤੋਂ ਇਲਾਵਾ ਗੁਰਮਤਿ ਗ੍ਰੰਥੀ, ਰਾਗੀ, ਢਾਡੀ, ਕਵੀਸ਼ਰੀ ਜਥੇਬੰਦੀ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਪਾਰਸ, ਜਥੇਦਾਰ ਸੁਖਦੇਵ ਸਿੰਘ, ਕੌਂਸਲਰ ਅਜੀਤ ਸਿੰਘ ਠੁਕਰਾਲ ਤੇ ਸੁਖਵਿੰਦਰ ਸਿੰਘ ਭਸੀਣ ਵੀ ਹਾਜ਼ਰ ਸਨ।