ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਮਿੱਡੂਖੇੜਾ ਦੀ ਵਧਾਈ ਗਈ ਸੁਰੱਖਿਆ!

ਏਜੰਸੀ

ਖ਼ਬਰਾਂ, ਪੰਜਾਬ

ਸਮੀਖਿਆ ਕਰ ਕੇ ਕੀਤੀ ਜਾਵੇ ਕਾਨੂੰਨੀ ਕਾਰਵਾਈ- ਹਾਈਕੋਰਟ ਦਾ ਪੁਲਿਸ ਨੂੰ ਨਿਰਦੇਸ਼ 

Ajaypal Middukhera security

ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਮਿੱਡੂਖੇੜਾ ਨੇ ਮੰਗੀ ਸੁਰੱਖਿਆ, ਹਾਈਕੋਰਟ 'ਚ ਪਾਈ ਪਟੀਸ਼ਨ 
ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
ਹਾਈਕੋਰਟ ਨੇ 18 ਅਗਸਤ ਤੱਕ ਮੰਗੀ ਰਿਪੋਰਟ 
18 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਚੰਡੀਗੜ੍ਹ :
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੇ ਸਾਬਕਾ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਸਿੰਘ ਮਿੱਡੂਖੇੜਾ ਦੀ ਸੁਰੱਖਿਆ ਵਧਾ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਤਰਿਮ ਸੁਰੱਖਿਆ ਵਧਾ ਦਿੱਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਨੂੰ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਦੇ ਸਾਥੀ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਇਸ ਕਤਲ ਨੂੰ ਵਿੱਕੀ ਦੇ ਕਤਲ ਦਾ ਬਦਲਾ ਦੱਸਿਆ ਸੀ।

ਇਸ ਦੇ ਨਾਲ ਹੀ ਦਵਿੰਦਰ ਬੰਬੀਹਾ ਗੈਂਗ ਨੇ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਇਲਾਕਾ ਐਚਐਚਓ ਅਤੇ ਡੀਐਸਪੀ ਪੱਧਰ ਦੇ ਅਧਿਕਾਰੀ ਨੇ ਅਜੇ ਪਾਲ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅਜੇਪਾਲ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਗਿਆ।

ਵਿੱਕੀ ਦੇ ਵੱਡੇ ਭਰਾ ਅਜੇਪਾਲ ਸਿੰਘ ਮਿੱਡੂਖੇੜਾ ਵਾਸੀ ਮੁਹਾਲੀ ਨੇ ਕਿਹਾ ਹੈ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ। ਉਸ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਪੁਲਿਸ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਅਜੇਪਾਲ ਮੁਤਾਬਕ ਉਹ ਆਪਣੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਇਕਲੌਤਾ ਚਸ਼ਮਦੀਦ ਗਵਾਹ ਹੈ। ਇਹ ਮਾਮਲਾ ਪਿਛਲੇ ਸਾਲ 7 ਅਗਸਤ ਨੂੰ ਮਟੌਰ ਥਾਣੇ ਵਿੱਚ ਕਤਲ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਉਸ ਨੇ ਕਿਹਾ ਹੈ ਕਿ ਉਸ ਨੂੰ ਆਪਣੇ ਭਰਾ ਦੇ ਕਾਤਲਾਂ ਤੋਂ ਧਮਕੀਆਂ ਮਿਲ ਰਹੀਆਂ ਹਨ।

ਸੁਣਵਾਈ ਦੌਰਾਨ ਹਾਈਕੋਰਟ ਦੇ ਜਸਟਿਸ ਕਰਮਜੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਵਿੱਚ ਜਵਾਬ ਮੰਗਿਆ ਹੈ। ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਮਾਮਲੇ 'ਚ ਜ਼ਰੂਰੀ ਨਿਰਦੇਸ਼ ਹਾਸਲ ਕਰਨ ਤੋਂ ਬਾਅਦ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 18 ਅਗਸਤ ਤੱਕ ਮੁਲਤਵੀ ਕਰਦੇ ਹੋਏ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ।

ਹਾਈਕੋਰਟ ਨੇ ਪੁਲਿਸ ਨੂੰ ਇਸ ਦੌਰਾਨ ਪਟੀਸ਼ਨਕਰਤਾ ਦੇ ਮੰਗ ਪੱਤਰ 'ਤੇ ਵਿਚਾਰ ਕਰਨ ਅਤੇ ਉਨ੍ਹਾਂ ਨੂੰ ਦਰਪੇਸ਼ ਖ਼ਤਰੇ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਮਾਮਲੇ 'ਚ ਸੁਰੱਖਿਆ ਦੇਣਾ ਸੱਚਮੁੱਚ ਜ਼ਰੂਰੀ ਹੈ ਤਾਂ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 'ਤੇ ਕਾਰਵਾਈ ਦੀ ਰਿਪੋਰਟ ਪੇਸ਼ ਕੀਤੀ ਜਾਵੇ। ਜਾਣਕਾਰੀ ਅਨੁਸਾਰ ਹੁਣ ਪੁਲਿਸ ਨੇ ਅਜੇਪਾਲ ਦੀ ਸੁਰੱਖਿਆ ਵਧਾ ਦਿੱਤੀ ਹੈ।

ਜਾਣਕਾਰੀ ਅਨੁਸਾਰ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਅਜੇਪਾਲ ਸਿੰਘ ਮਿੱਡੂਖੇੜਾ ਦੀ ਅੰਤਰਿਮ ਸੁਰੱਖਿਆ ਵਧਾ ਦਿੱਤੀ ਹੈ। ਅਜੈ ਪਾਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਵੱਲੋਂ ਸੀਨੀਅਰ ਵਕੀਲ ਬਿਪਨ ਘਈ ਪੇਸ਼ ਹੋ ਰਹੇ ਹਨ।

ਅਜੇਪਾਲ ਨੇ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਉਨ੍ਹਾਂ ਨੂੰ ਢੁੱਕਵੀਂ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਜਾਣ। ਉਸ ਨੇ ਇਸ ਤੋਂ ਪਹਿਲਾਂ ਪੁਲਿਸ ਤੋਂ ਸੁਰੱਖਿਆ ਦੀ ਮੰਗ ਨੂੰ ਲੈ ਕੇ ਪੱਤਰ ਵੀ ਦਿੱਤਾ ਸੀ। ਹਾਲਾਂਕਿ ਇਸ 'ਤੇ ਕੋਈ ਕਾਰਵਾਈ ਨਹੀਂ ਹੋਈ। ਇਸ ਮਗਰੋਂ ਇੱਕ ਹੋਰ ਮੰਗ ਪੱਤਰ ਦਿੱਤਾ ਗਿਆ ਪਰ ਉਸ ’ਤੇ ਵੀ ਕੋਈ ਕਾਰਵਾਈ ਨਹੀਂ ਹੋਈ। ਇਸ ਲਈ ਉਨ੍ਹਾਂ ਨੂੰ ਸਹੀ ਸੁਰੱਖਿਆ ਨਹੀਂ ਮਿਲ ਸਕੀ।