ਸਿੱਧੂ ਮੂਸੇਵਾਲਾ ਮਾਮਲੇ ’ਚ ਪੰਜਾਬ ਪੁਲਿਸ ਨੇ ਮਨਪ੍ਰੀਤ ਸਿੰਘ ਨਾਮ ਦੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਵਿਅਕਤੀ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

Sidhu Moose Wala


ਮਾਨਸਾ: ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਦਾ ਨਾਮ ਮਨਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਵਿਅਕਤੀ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਹੁਣ ਪੰਜ ਦਿਨਾਂ ਦੇ ਰਿਮਾਂਡ ਦੌਰਾਨ ਇਸ ਤੋਂ ਪੁੱਛਗਿੱਛ ਕਰਕੇ ਅਗਲੇ ਮੁਲਜ਼ਮਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰੇਗੀ।

Sidhu Moose Wala

ਮਨਪ੍ਰੀਤ ਸਿੰਘ ’ਤੇ ਇਲਜ਼ਾਮ ਹਨ ਕਿ ਉਸ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਵਾਹਨ ਅਤੇ ਹਥਿਆਰ ਮੁਹੱਈਆ ਕਰਵਾਏ ਸਨ। ਦੱਸ ਦੇਈਏ ਕਿ ਕਤਲ ਦੇ ਇਕ ਦਿਨ ਬਾਅਦ ਪੁਲਿਸ ਨੇ ਉੱਤਰਾਖੰਡ ਤੋਂ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਮਨਪ੍ਰੀਤ ਵੀ ਉਹਨਾਂ ਵਿਚੋਂ ਇਕ ਹੈ। ਮਨਪ੍ਰੀਤ ਸਿੰਘ ਦਾ ਪਿੰਡ ਢੈਪਈ ਜਵਾਹਰਕੇ ਨੇੜੇ ਹੈ ਜਿੱਥੇ ਮੂਸੇਵਾਲਾ ਦਾ ਕਤਲ ਹੋਇਆ ਸੀ।

Sidhu Moose Wala

ਇਸੇ ਮਾਮਲੇ 'ਚ ਪੁਲਿਸ ਨੇ ਬਠਿੰਡਾ ਤੇ ਫਿਰੋਜ਼ਪੁਰ ਜੇਲ੍ਹ 'ਚ ਬੰਦ ਦੋ ਗੈਂਗਸਟਰਾਂ ਨੂੰ ਵੀ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਤੋਂ ਜਾਣੂ ਸਨ। ਇਹ ਦੋਵੇਂ ਗੈਂਗਸਟਰ ਜੇਲ੍ਹ ਵਿਚ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਹੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਹਨਾਂ ਦਾ ਸਬੰਧ ਲਾਰੈਂਸ ਗੈਂਗ ਨਾਲ ਹੋ ਸਕਦਾ ਹੈ।