ਸਿਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ : ਹਰਭਜਨ ਸਿੰਘ ਈ.ਟੀ.ਓ.

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਦੇ ਹੁਸ਼ਿਆਰ ਵਿਦਿਆਰਥੀਆਂ ਦਾ ਕੀਤਾ ਸਨਮਾਨ

Punjab News

ਚੰਡੀਗੜ੍ਹ / ਅੰਮ੍ਰਿਤਸਰ : ਪੰਜਾਬ ਭਰ ਵਿਚ ਸਿਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਸੂਬਾ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਕੈਬਨਿਟ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਦਸਵੀਂ ਅਤੇ ਬਾਰਵੀਂ ਕਲਾਸ ਵਿਚੋਂ 90 ਫ਼ੀ ਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਹਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ।

ਇਹ ਵੀ ਪੜ੍ਹੋ: ਪਟਿਆਲਾ ਹਾਊਸ ਕੋਰਟ 'ਚ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੇਸ਼ੀ

ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸਿਖਿਆ ਨੂੰ ਬੁਲੰਦੀਆਂ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਕਰੀਬ 250 ਤੋਂ ਵੱਧ ਬੱਚਿਆਂ ਨੇ 90 ਫ਼ੀ ਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਉੱਤੇ ਕੀਤਾ ਗਿਆ ਨਿਵੇਸ਼ ਕਦੇ ਵੀ ਵਿਅਰਥ ਨਹੀਂ ਜਾਂਦਾ ਅਤੇ ਸੂਬਾ ਸਰਕਾਰ ਇਸ ਸਚਾਈ ਨੂੰ ਸਮਝਦੇ ਹੋਏ ਸਕੂਲਾਂ ਵਿਚ ਸਿਖਿਆ ਦਾ ਪੱਧਰ ਉੱਚਾ ਚੁੱਕਣ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਕੂਲਾਂ ਨੂੰ ਰੌਸ਼ਨ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਉੱਚ ਸਿੱਖਿਆ ਲਈ ਵੀ ਹਰ ਸੰਭਵ ਮਦਦ ਕੀਤੀ ਜਾਏਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ, ਐਸ.ਡੀ.ਐਮ ਸਿਮਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।